ਕਾਂਗਰਸ ਨੇ ‘ਭਾਰਤ ਨਿਆਂ ਯਾਤਰਾ’ ਦਾ ਨਾਮ ਬਦਲ ਕੇ ‘ਭਾਰਤ ਜੋੜੋ ਨਿਆਂ ਯਾਤਰਾ’ ਕੀਤਾ
ਰਾਹੁਲ ਗਾਂਧੀ ਵੱਲੋਂ 14 ਜਨਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਭਾਰਤ ਜੋੜੋ ਨਿਆਂ ਯਾਤਰਾ
ਨਵੀਂ ਦਿੱਲੀ/ਬਿਊਰੋ ਨਿਊਜ਼ :
ਕਾਂਗਰਸ ਪਾਰਟੀ ਨੇ 14 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਭਾਰਤ ਨਿਆਂ ਯਾਤਰਾ ਦਾ ਨਾਮ ਬਦਲ ਦਿੱਤਾ ਹੈ। ਹੁਣ ਇਸ ਯਾਤਰਾ ਦਾ ਨਾਮ ਭਾਰਤ ਜੋੜੋ ਨਿਆਂ ਯਾਤਰਾ ਹੋਵੇਗਾ ਅਤੇ ਇਹ ਯਾਤਰਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਜਾਣੀ ਹੈ। ਵੀਰਵਾਰ ਨੂੰ ਨਵੀਂ ਦਿੱਲੀ ਸਥਿਤ ਪਾਰਟੀ ਦਫ਼ਤਰ ’ਚ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ। ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਕਾਂਗਰਸੀ ਆਗੂ ਰਾਹੁਲ ਗਾਂਧੀ, ਪਿ੍ਰਅੰਕਾ ਗਾਂਧੀ ਸਮੇਤ ਪਾਰਟੀ ਦੇ ਸਾਰੇ ਜਨਰਲ ਸਕੱਤਰ, ਸੂਬਾ ਇੰਚਾਰਜ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਵੀ ਮੌਜੂਦ ਸਨ। ਇਸ ਮੀਟਿੰਗ ਦੌਰਾਨ ਭਾਰਤ ਜੋੜੋ ਨਿਆਂ ਯਾਤਰਾ ਦੀਆਂ ਤਿਆਰੀਆਂ ਸਬੰਧੀ ਅਤੇ 2024 ਦੀਆਂ ਲੋਕ ਸਭਾ ਚੋਣਾਂ ਦੀ ਰਣਨੀਤੀ ਨੂੰ ਲੈ ਕੇ ਚਰਚਾ ਕੀਤੀ ਗਈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਰਾਹੁਲ ਗਾਂਧੀ ਨੇ ਕੰਨਿਆ ਕੁਮਾਰੀ ਤੋਂ ਭਾਰਤ ਜੋੜੋ ਯਾਤਰਾ ਸ਼ੁਰੂ ਕੀਤੀ ਸੀ ਜੋ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਹੁੰਦੀ ਹੋਈ ਜੰਮੂ ਪਹੁੰਚ ਕੇ ਸਮਾਪਤ ਹੋਈ ਸੀ।