‘ਆਪ’ ਦੇ ਮੰਤਰੀਆਂ ਦਾ ਵੀ ਦਾਅਵਾ – ਕੇਜਰੀਵਾਲ ਦੀ ਹੋ ਸਕਦੀ ਹੈ ਗ੍ਰਿਫਤਾਰੀ
ਨਵੀਂ ਦਿੱਲੀ/ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸੰਮਣਾਂ ਨੂੰ ਫਿਰ ਗੈਰਕਾਨੂੰਨੀ ਦੱਸਿਆ ਹੈ। ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦਾ ਮਕਸਦ ਜਾਂਚ ਕਰਾਉਣਾ ਨਹੀਂ, ਬਲਕਿ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿਚ ਪ੍ਰਚਾਰ ਕਰਨ ਤੋਂ ਰੋਕਣਾ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਦੇ ਮੰਤਰੀਆਂ ਨੇ ਦਾਅਵਾ ਕੀਤਾ ਸੀ ਕਿ ਅਰਵਿੰਦ ਕੇਜਰੀਵਾਲ ਨੂੰ ਈਡੀ ਗ੍ਰਿਫਤਾਰ ਕਰ ਸਕਦੀ ਹੈ। ਇਹ ਦਾਅਵਾ ਮੰਤਰੀ ਆਤਿਸ਼ੀ ਤੇ ਸੌਰਵ ਭਾਰਦਵਾਜ ਨੇ ਕੀਤਾ ਸੀ। ਇਨ੍ਹਾਂ ਦੋਵੇਂ ਮੰਤਰੀਆਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਸ ਸਬੰਧੀ ਸ਼ੰਕਾ ਜ਼ਾਹਰ ਕੀਤੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਈਡੀ ਅਰਵਿੰਦ ਕੇਜਰੀਵਾਲ ਵਲੋਂ ਭੇਜੇ ਗਏ 5 ਪੱਤਰਾਂ ਦੇ ਜਵਾਬਾਂ ਦੀ ਜਾਂਚ ਕਰ ਰਹੀ ਹੈ। ਧਿਆਨ ਰਹੇ ਕਿ ਕੇਜਰੀਵਾਲ ਨੇ ਈਡੀ ਵਲੋਂ ਭੇਜੇ ਗਏ ਸੰਮਣਾਂ ਦੇ ਜਵਾਬ ਵਿਚ ਪੱਤਰ ਭੇਜ ਕੇ ਇਨ੍ਹਾਂ ਨੂੰ ਗੈਰਕਾਨੂੰਨੀ ਦੱਸਿਆ ਸੀ ਅਤੇ ਉਹ ਈਡੀ ਸਾਹਮਣੇ ਪੇਸ਼ ਨਹੀਂ ਹੋਏ ਸਨ। ਇਸਦੇ ਚੱਲਦਿਆਂ ਈਡੀ ਹੁਣ ਕੇਜਰੀਵਾਲ ਦੇ ਆਰੋਪਾਂ ਨੂੰ ਖਾਰਜ ਕਰਕੇ ਚੌਥਾ ਸੰਮਣ ਉਨ੍ਹਾਂ ਨੂੰ ਭੇਜ ਸਕਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਈਡੀ ਵਲੋਂ ਤਿੰਨ ਵਾਰ ਸੰਮਣ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ। ਭਰੋਸੇਯੋਗ ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਅਰਵਿੰਦ ਕੇਜਰੀਵਾਲ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਉਂਦੀ 6 ਜਨਵਰੀ ਨੂੰ ਤਿੰਨ ਦਿਨਾਂ ਦੇ ਦੌਰੇ ਲਈ ਗੁਜਰਾਤ ਜਾ ਰਹੇ ਹਨ। ਇਸ ਦੌਰਾਨ ਉਹ ‘ਆਪ’ ਦੀਆਂ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਦੇ ਚੱਲਦਿਆਂ ‘ਆਪ’ ਵਲੋਂ ਕੇਂਦਰ ਸਰਕਾਰ ‘ਤੇ ਆਰੋਪ ਲਗਾਏ ਜਾ ਰਹੇ ਹਨ, ਉਹ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਵਾ ਸਕਦੀ ਹੈ ਤਾਂ ਕਿ ਉਹ ਲੋਕ ਸਭਾ ਚੋਣਾਂ ਲਈ ਪ੍ਰਚਾਰ ਨਾ ਕਰ ਸਕਣ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …