11.2 C
Toronto
Saturday, October 18, 2025
spot_img
Homeਪੰਜਾਬਜੰਡਿਆਲਾ ਗੁਰੂ ਵਿੱਚ 18 ਕਿਸਾਨ ਜਥੇਬੰਦੀਆਂ ਵੱਲੋਂ ਮਹਾ ਰੈਲੀ

ਜੰਡਿਆਲਾ ਗੁਰੂ ਵਿੱਚ 18 ਕਿਸਾਨ ਜਥੇਬੰਦੀਆਂ ਵੱਲੋਂ ਮਹਾ ਰੈਲੀ

13 ਫਰਵਰੀ ਨੂੰ ਦਿੱਲੀ ਕੂਚ ਕਰਨ ਦਾ ਐਲਾਨ; ਡਰਾਈਵਰਾਂ ਦੀ ਹੜਤਾਲ ਦਾ ਸਮਰਥਨ
ਜੰਡਿਆਲਾ ਗੁਰੂ/ਬਿਊਰੋ ਨਿਊਜ਼ : ਅੰਮ੍ਰਿਤਸਰ ਜ਼ਿਲ੍ਹੇ ‘ਚ ਜੰਡਿਆਲਾ ਗੁਰੂ ਦਾਣਾ ਮੰਡੀ ਵਿੱਚ ਉੱਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸਾਂਝੇ ਸੱਦੇ ‘ਤੇ ਹੋਈ ਮਹਾ ਰੈਲੀ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ 13 ਫਰਵਰੀ ਨੂੰ ਸਾਂਝੇ ਤੌਰ ‘ਤੇ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਵਿੱਚ ਆਈਆਂ ਸਾਰੀਆਂ ਸਰਕਾਰਾਂ ਨੇ ਦੇਸ਼ ਦੇ ਹਰ ਤਰ੍ਹਾਂ ਦੇ ਸਰੋਤਾਂ ਨੂੰ ਦੇਸੀ ਅਤੇ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੇ ਹੱਥੀਂ ਵੇਚਣ ਵਾਲੀਆਂ ਨੀਤੀਆਂ ਤਹਿਤ ਕੰਮ ਕੀਤਾ ਹੈ ਅਤੇ 10 ਸਾਲ ਤੋਂ ਭਾਜਪਾ ਸਰਕਾਰ ਪਿਛਲੀਆਂ ਸਰਕਾਰਾਂ ਤੋਂ ਵੀ ਅੱਗੇ ਵਧ ਕੇ ਕੰਮ ਕਰ ਰਹੀ ਹੈ। ਸਰਕਾਰ ਦੇਸ਼ ਦੇ ਖੇਤੀ ਸੈਕਟਰ ਅਤੇ ਜ਼ਮੀਨਾਂ ‘ਤੇ ਕਾਰਪੋਰੇਟ ਦੇ ਕਬਜ਼ੇ ਕਰਵਾਉਣ ਦੀ ਨੀਤੀ ਤਹਿਤ ਕੰਮ ਕਰ ਰਹੀ ਹੈ। ਇਸ ਨਾਲ ਕਿਸਾਨਾਂ, ਮਜ਼ਦੂਰਾਂ ਦੀ ਤਬਾਹੀ ਨਿਸਚਿਤ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਇੱਕਠ ਕੇਂਦਰ ਸਰਕਾਰ ਤੋਂ ਮੰਗ ਕਰਦਾ ਹੈ ਕਿ ਸਾਰੀਆਂ ਫਸਲਾਂ ਦੀ ਖਰੀਦ ‘ਤੇ ਐੱਮਐੱਸਪੀ ਗਾਰੰਟੀ ਕਾਨੂੰਨ ਬਣਾ ਕੇ ਫ਼ਸਲਾਂ ਦੇ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਦਿੱਤੇ ਜਾਣ, ਫ਼ਸਲੀ ਬੀਮਾ ਯੋਜਨਾ ਲਾਗੂ ਕੀਤੀ ਜਾਵੇ, ਕਿਸਾਨ ਅਤੇ ਖੇਤ ਮਜ਼ਦੂਰ ਦੀ ਪੂਰਨ ਕਰਜ਼ ਮੁਕਤੀ ਕੀਤੀ ਜਾਵੇ, ਜ਼ਮੀਨ ਐਕੁਆਇਰ ਕਰਨ ਸਬੰਧੀ 2013 ਦੇ ਕਾਨੂੰਨ ਵਿੱਚ ਸਾਲ 2015 ਦੌਰਾਨ ਕੀਤੀਆਂ ਸੋਧਾਂ ਰੱਦ ਕਰਕੇ ਪਹਿਲੇ ਰੂਪ ਵਿੱਚ ਲਾਗੂ ਕੀਤਾ ਜਾਵੇ, ਵਿਸ਼ਵ ਵਪਾਰ ਸੰਸਥਾ ਨਾਲ ਕੀਤੇ ਸਮਝੌਤਿਆਂ ਵਿੱਚੋਂ ਭਾਰਤ ਬਾਹਰ ਆਵੇ ਅਤੇ ਭਾਰਤ ਦੇ ਕਿਸਾਨ ਦੀ ਕੁੱਲ ਫ਼ਸਲ ਪਹਿਲ ਦੇ ਅਧਾਰ ‘ਤੇ ਖਰੀਦੀ ਜਾਵੇ, 58 ਸਾਲ ਦੀ ਉਮਰ ਦੇ ਕਿਸਾਨ ਅਤੇ ਖੇਤ ਮਜ਼ਦੂਰ ਦੀ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਬਿਜਲੀ ਬਿੱਲ 2020 ਨੂੰ ਪੂਰੀ ਤਰ੍ਹਾਂ ਰੱਦ ਕੀਤਾ ਜਾਵੇ, ਲਖੀਮਪੁਰ ਖੀਰੀ ਕਤਲ ਕਾਂਡ ਦਾ ਇਨਸਾਫ ਕੀਤਾ ਜਾਵੇ, ਦਿੱਲੀ ਮੋਰਚੇ ਦੌਰਾਨ ਪੁਲਿਸ ਕੇਸ ਰੱਦ ਕੀਤੇ ਜਾਣ, ਵਾਅਦੇ ਅਨੁਸਾਰ ਕਿਸਾਨੀ ਮੋਰਚਿਆਂ ਦੇ ਸ਼ਹੀਦ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦੀ ਮੰਗ ਸਣੇ ਹੋਰ ਮੰਗਾਂ ਪੂਰੀਆਂ ਕੀਤੀਆਂ ਜਾਣ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਵਿੱਚ ਮੋਦੀ ਸਰਕਾਰ ਖਿਲਾਫ ਦੇਸ਼ ਪੱਧਰੀ ਅੰਦੋਲਨ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਇਸ ਇਕੱਠ ਵਿੱਚ ਕੇਂਦਰ ਸਣੇ ਸੂਬਾ ਸਰਕਾਰ ਨਸ਼ੇ ਉਪਰ ਪੂਰਨ ਤੌਰ ‘ਤੇ ਪਾਬੰਦੀ ਲਾਵੇ, ਪੀੜਤ ਨੌਜਵਾਨਾਂ ਦਾ ਇਲਾਜ ਕੀਤਾ ਜਾਵੇ, ਖੇਤੀ ਜਿਣਸਾਂ ਅਤੇ ਹਰ ਤਰ੍ਹਾਂ ਦੇ ਵਪਾਰ ਲਈ ਵਾਹਗਾ ਅਤੇ ਅਟਾਰੀ ਬਾਰਡਰ ਖੋਲ੍ਹੇ ਜਾਣ, ਧੂਰੀ ਮਿੱਲ, ਸ਼ੇਰੋ ਗੰਨਾ ਮਿਲ ਤੇ ਹੋਰ ਨਰਮੇ ਨਾਲ ਸਬੰਧਤ ਸਨਅਤਾਂ ਨੂੰ ਕਾਇਮ ਰੱਖਿਆ ਜਾਵੇ, ਸਬੰਧੀ ਮਤੇ ਪਾਸ ਕੀਤੇ ਗਏ। ਡਰਾਈਵਰ ਭਾਈਚਾਰੇ ਵੱਲੋਂ ਕੀਤੀ ਹੜਤਾਲ ਦਾ ਇਕੱਠ ਨੇ ਸਮਰਥਨ ਕੀਤਾ ਅਤੇ ਇਸ ਕਾਨੂੰਨ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਜਸਵਿੰਦਰ ਸਿੰਘ ਲੌਂਗੋਵਾਲ, ਬਲਦੇਵ ਸਿੰਘ ਜੀਰਾ, ਓਂਕਾਰ ਸਿੰਘ, ਮਲਕੀਤ ਸਿੰਘ, ਚਮਕੌਰ ਸਿੰਘ, ਗੁਰਧਿਆਨ ਸਿੰਘ, ਦੇਸਰਾਜ ਮੋਦਗਿਲ, ਗੁਰਮੀਤ ਸਿੰਘ ਮਾਂਗਟ, ਅਮਰਜੀਤ ਸਿੰਘ ਮੋਹੜੀ, ਇੰਦਰਜੀਤ ਸਿੰਘ ਕੋਟ ਬੁੱਢਾ, ਸੁਖਜਿੰਦਰ ਸਿੰਘ ਖੋਸਾ, ਲਖਵਿੰਦਰ ਸਿੰਘ ਸਿਰਸਾ, ਬਲਦੇਵ ਸਿੰਘ ਸਿਰਸਾ, ਦਵਿੰਦਰ ਸਿੰਘ ਡੱਫਰ, ਹਰਪ੍ਰੀਤ ਸਿੰਘ ਸੰਧੂ, ਅਤਰ ਸਿੰਘ ਕੋਟਲਾ, ਸਤਨਾਮ ਸਿੰਘ ਬਾਗੜੀਆਂ ਨੇ ਸੰਬੋਧਨ ਕੀਤਾ।

RELATED ARTICLES
POPULAR POSTS