ਬਾਜਵਾ ਨੇ ਭਗਵੰਤ ਮਾਨ ਸਰਕਾਰ ਦੀ ਕੀਤੀ ਆਲੋਚਨਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਵਿਰੋਧੀ ਧਿਰ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਲ ਦੇ ਪਹਿਲੇ ਦਿਨ ਹੀ ਇਹ ਸਾਬਤ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਸੁਚਾਰੂ ਬਣਾਉਣ ਵਿੱਚ ਪੂਰੀ ਤਰ੍ਹਾਂ ਅਸਮਰੱਥ ਹੈ। ਉਨ੍ਹਾਂ ਸਾਲ ਦੇ ਪਹਿਲੇ ਦਿਨ ਅਰਜੁਨ ਪੁਰਸਕਾਰ ਜੇਤੂ ਡੀਐੱਸਪੀ ਦਲਬੀਰ ਸਿੰਘ ਦੀ ਜਲੰਧਰ ਵਿੱਚ ਭੇਤਭਰੀ ਹਾਲਤ ਵਿੱਚ ਮੌਤ ਹੋਣ ਦਾ ਹਵਾਲਾ ਦਿੰਦਿਆਂ ‘ਆਪ’ ਸਰਕਾਰ ਦੀ ਆਲੋਚਨਾ ਕੀਤੀ।
ਬਾਜਵਾ ਨੇ ਨਵੇਂ ਸਾਲ ਮੌਕੇ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੀ ਬਿਹਤਰੀ ਲਈ ਕੰਮ ਕਰਨਾ ਸ਼ੁਰੂ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਸਾਲ 2023 ਵਿੱਚ ਜੋ ਕੀਤਾ, ਉਹ 2022 ਦੀਆਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਦੇ ਬਿਲਕੁਲ ਉਲਟ ਸੀ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਮੁਤਾਬਕ ਕੰਮ ਕਰਨ ਤੋਂ ਕੋਹਾਂ ਦੂਰ ਰਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਣੇ ‘ਆਪ’ ਦੀ ਸੀਨੀਅਰ ਲੀਡਰਸ਼ਿਪ ਨੇ ਸਰਕਾਰ ਬਣਨ ਦੇ ਚਾਰ ਮਹੀਨਿਆਂ ਦੇ ਅੰਦਰ ਨਸ਼ਿਆਂ ਨੂੰ ਖਤਮ ਕਰਨ ਦਾ ਸੰਕਲਪ ਲਿਆ ਸੀ। ਹਾਲਾਂਕਿ, 15 ਅਗਸਤ, 2023 ਨੂੰ ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਵੱਧ ਰਹੀ ਨਸ਼ਿਆਂ ਦੀ ਦੁਰਵਰਤੋਂ ਨੂੰ ਖਤਮ ਕਰਨ ਲਈ ਇੱਕ ਹੋਰ ਸਾਲ ਦੀ ਮੰਗ ਕੀਤੀ। ਇਸ ਦੌਰਾਨ, ਉਨ੍ਹਾਂ ਨੂੰ ਇੱਕ ਹੋਰ ਵਾਅਦਾ ਕੀਤੇ ਚਾਰ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਉਨ੍ਹਾਂ ਨੇ ਰੋਡ ਸ਼ੋਅ ਅਤੇ ਸਾਈਕਲ ਰੈਲੀਆਂ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸਾਲ ਦੇ ਅੰਤ ਤੱਕ ਸੂਬੇ ‘ਤੇ ਕਰਜ਼ਾ ਤਿੰਨ ਲੱਖ ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕਰ ਜਾਵੇਗਾ।