Breaking News
Home / ਪੰਜਾਬ / ਪੰਜਾਬ ਦੇ ਲੋਕਾਂ ਨੂੰ ਚੁੱਕਣਾ ਪਵੇਗਾ ਗੋਇੰਦਵਾਲ ਥਰਮਲ ਪਲਾਂਟ ਦਾ ਕਰਜ਼ਾ : ਨਵਜੋਤ ਸਿੱਧੂ

ਪੰਜਾਬ ਦੇ ਲੋਕਾਂ ਨੂੰ ਚੁੱਕਣਾ ਪਵੇਗਾ ਗੋਇੰਦਵਾਲ ਥਰਮਲ ਪਲਾਂਟ ਦਾ ਕਰਜ਼ਾ : ਨਵਜੋਤ ਸਿੱਧੂ

ਪਲਾਂਟ ਨੂੰ ਚਿੱਟਾ ਹਾਥੀ ਗਰਦਾਨਿਆ; ਪੰਜਾਬ ਦੀ ਆਰਥਿਕ ਸਥਿਤੀ ‘ਤੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ
ਮੋਗਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਸਰਕਾਰ ‘ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਚਿੱਟਾ ਹਾਥੀ ਗਰਦਾਨਿਆ। ਉਨ੍ਹਾਂ ਇਹ ਗੱਲ ਮੋਗਾ ਦੇ ਪਿੰਡ ਖੋਟੇ ਵਿਖੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਘਰ ਮੀਡੀਆ ਨਾਲ ਗੱਲਬਾਤ ਕਰਦਿਆਂ ਆਖੀ।
ਇਸ ਮੌਕੇ ਸਿੱਧੂ ਨੇ ਦਾਅਵਾ ਕੀਤਾ ਕਿ ਗੋਇੰਦਵਾਲ ਥਰਮਲ ਪਾਵਰ ਪਲਾਂਟ ‘ਤੇ ਪਹਿਲਾਂ ਹੀ 6600 ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਹੈ। ਉਨ੍ਹਾਂ ਸੂਬੇ ਦੀ ਆਰਥਿਕ ਸਥਿਤੀ ‘ਤੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਇਹ ਦੱਸਣ ਕਿ ਇਹ ਕਰਜ਼ਾ ਹੁਣ ਕੌਣ ਉਤਾਰੇਗਾ। ਇਸਦਾ ਬੋਝ ਹੁਣ ਪੰਜਾਬ ਦੇ ਲੋਕਾਂ ਨੂੰ ਚੁੱਕਣਾ ਪਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਝੂਠੇ ਦਾਅਵਿਆਂ ਨਾਲ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਪੰਜਾਬ ਦੇ ਲੋਕਾਂ ਨਾਲ ਝੂਠ ਬੋਲ ਕੇ ਸਰਕਾਰ ਬਣਾਈ। ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਸਨ ਉਹ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਰੇਤੇ ਦੀ ਟਰਾਲੀ 2100 ਰੁਪਏ ਦੀ ਮਿਲਦੀ ਸੀ ਜੋ ਹੁਣ 21 ਹਜ਼ਾਰ ਦੀ ਵਿਕ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਧਰਨਿਆਂ ਵਾਲਾ ਸੂਬਾ ਬਣ ਗਿਆ ਹੈ। ਮੁੱਖ ਮੰਤਰੀ ਆਪਣੇ ਜੱਦੀ ਘਰ ਵੀ ਨਹੀਂ ਜਾ ਸਕਦੇ ਜਿਸ ਦਾ ਸਬੂਤ ਜੱਦੀ ਜ਼ਿਲ੍ਹੇ ਸੰਗਰੂਰ ਵਿੱਚ ਉਨ੍ਹਾਂ ਦੇ ਘਰ ਅੱਗੇ ਲੱਗ ਰਹੇ ਧਰਨੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਪੰਜ ਰਾਜਾਂ ਦੀਆਂ ਚੋਣਾਂ ਵਿੱਚ ‘ਆਪ’ ਨੂੰ ਅੱਧਾ ਫ਼ੀਸਦੀ ਵੋਟ ਵੀ ਨਹੀਂ ਪਈ। ਉਨ੍ਹਾਂ ਕਿਹਾ ਕਿ ਕੌਮੀ ਪਾਰਟੀ ਅਖਵਾਉਣ ਵਾਲੀ ‘ਆਪ’ ਦਾ ਦੇਸ਼ ਦੀ ਸੰਸਦ ਵਿੱਚ ਕਾਂਗਰਸ ਪਿਛੋਕੜ ਵਾਲਾ ਇੱਕੋ ਇੱਕ ਮੈਂਬਰ ਹੈ।
ਇਸ ਮੌਕੇ ਉਨ੍ਹਾਂ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਮੁੱਖ ਮੰਤਰੀ ਦੀ ਪਤਨੀ ਦੀ ਸੁਰੱਖਿਆ ਛਤਰੀ ਵਿਚ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ ਉੱਤੇ ਸਵਾਲ ਚੁੱਕੇ। ਉਨ੍ਹਾਂ ਜਲੰਧਰ ਵਿੱਚ ਡੀਐੱਸਪੀ ਦੀ ਹੋਈ ਹੱਤਿਆ ਬਾਰੇ ਵੀ ਸਵਾਲ ਚੁੱਕੇ। ਉਨ੍ਹਾਂ ਕਾਂਗਰਸ ਵਿੱਚ ਚੱਲ ਰਹੀ ਖਾਨਾਜੰਗੀ ਉੱਤੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਵਫਾਦਾਰ ਸਿਪਾਹੀ ਹਨ ਅਤੇ ਹਮੇਸ਼ਾ ਪਾਰਟੀ ਨਾਲ ਖੜ੍ਹਨਗੇ। ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ। ਨਵਜੋਤ ਸਿੱਧੂ ਨੇ ਗੱਠਜੋੜ ‘ਤੇ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਕੇਂਦਰ ਸਰਕਾਰ ਦੀਆਂ ਸਰਕਾਰੀ ਏਜੰਸੀਆਂ ‘ਤੇ ਵੀ ਸਵਾਲ ਚੁੱਕੇ।
ਕਾਂਗਰਸੀ ਆਗੂਆਂ ਦੇ ਘਰਾਂ ‘ਚ ਪਾਈ ਫੇਰੀ
ਨਵਜੋਤ ਸਿੱਧੂ ਨੇ ਕਿਹਾ ਕਿ ਹਰ ਪਾਰਟੀ ਵਰਕਰ ਮਾਣ ਸਨਮਾਨ ਚਾਹੁੰਦਾ ਹੈ ਕਿ ਬਹੁਤੇ ਕਾਂਗਰਸੀ ਆਗੂ ਘਰ ਬੈਠੇ ਹਨ। ਉਹ ਪਾਰਟੀ ਦੀ ਬਿਹਤਰੀ ਲਈ ਹਰ ਵਰਕਰ ਤੇ ਹਰ ਆਗੂ ਦੇ ਘਰ ਜਾਣਗੇ। ਉਹ ਹਾਸ਼ੀਏ ‘ਤੇ ਚੱਲ ਰਹੇ ਇਸੇ ਹਲਕੇ ਵਿੱਚ ਸਾਬਕਾ ਵਿਧਾਇਕ ਮਹੇਸ਼ਇੰਦਰ ਨਿਹਾਲ ਸਿੰਘ ਵਾਲਾ ਦੇ ਘਰ ਵੀ ਗਏ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਦਰਸ਼ਨ ਬਰਾੜ ਦੇ ਫਰਜੰਦ ਕੰਵਲਜੀਤ ਬਰਾੜ ਨੂੰ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਹਟਾ ਦਿੱਤਾ ਸੀ। ਇਸ ਮੌਕੇ ਕੰਵਲਜੀਤ ਬਰਾੜ ਨੇ ਵੀ ਪਾਰਟੀ ਆਗੂਆਂ ਖ਼ਿਲਾਫ਼ ਭੜਾਸ ਕੱਢੀ।

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …