ਮੁੱਖ ਮੰਤਰੀ ਭਗਵੰਤ ਮਾਨ ਨੇ ਭਿ੍ਰਸ਼ਟਾਚਾਰ ਰੋਕਣ ਲਈ ਚੁੱਕਿਆ ਅਹਿਮ ਕਦਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਲੋਕਾਂ ਦੇ ਲੰਬਿਤ ਪਏ ਇੰਤਕਾਲ ਹੱਥੋ-ਹੱਥ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ 15 ਜਨਵਰੀ 2024 ਨੂੰ ਇਕ ਵਾਰ ਫਿਰ ਵਿਸ਼ੇਸ਼ ਕੈਂਪ ਪੂਰੇ ਸੂਬੇ ਵਿਚ ਲਗਾਇਆ ਜਾਵੇਗਾ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਿ੍ਰਸ਼ਟਾਚਾਰ ਨੂੰ ਰੋਕਣ ਲਈ ਲਿਆ ਗਿਆ ਹੈ। ਉਨ੍ਹਾਂ ਨੇ ਖੁਦ ਇਸਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੰਘੇ ਸ਼ਨੀਵਾਰ 6 ਜਨਵਰੀ ਨੂੰ ਵੀ ਇੰਤਕਾਲਾਂ ਸਬੰਧੀ ਲਗਾਇਆ ਗਿਆ ਕੈਂਪ ਪੂਰੀ ਤਰ੍ਹਾਂ ਨਾਲ ਕਾਮਯਾਬ ਰਿਹਾ ਹੈ। ਦੱਸਿਆ ਗਿਆ ਕਿ ਇੰਤਕਾਲਾਂ ਸਬੰਧੀ ਇਸ ਲਗਾਏ ਗਏ ਕੈਂਪ ਵਿਚ 31 ਹਜ਼ਾਰ ਤੋਂ ਜ਼ਿਆਦਾ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਸਬੰਧਤ ਵਿਭਾਗ ਦੇ ਮੰਤਰੀ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਚ ਜਾ ਕੇ ਇਸ ਸਬੰਧੀ ਸਾਰੀ ਸਥਿਤੀ ਦਾ ਜਾਇਜ਼ਾ ਵੀ ਲੈਣਗੇ। ਜ਼ਿਕਰਯੋਗ ਹੈ ਕਿ ਲੰਘੇ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਪੂਰੇ ਪੰਜਾਬ ਵਿਚ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਚ ਇੰਤਕਾਲਾਂ ਦੇ ਪੈਂਡਿੰਗ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਗਏ ਸਨ। ਇਸ ਦੌਰਾਨ 31,538 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਸੀ। ਇਕ ਦਿਨ ਵਿਚ ਏਨੇ ਇੰਤਕਾਲ ਦਰਜ ਕਰਨ ਦਾ ਇਹ ਇਕ ਰਿਕਾਰਡ ਵੀ ਹੈ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਖੁਦ ਹੁਸ਼ਿਆਰਪੁਰ, ਫਗਵਾੜਾ, ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਵਿਚ ਜਾ ਕੇ ਸਬੰਧਤ ਕੰਮ ਦਾ ਜਾਇਜ਼ਾ ਲਿਆ।