ਬਿਲਕਿਸ ਬਾਨੋ ਮਾਮਲੇ ’ਚ 11 ਦੋਸ਼ੀਆਂ ਦੀ ਰਿਹਾਈ ਰੱਦ
ਬਿਲਕਿਸ ਬਾਨੋ ਮਾਮਲੇ ’ਚ 11 ਦੋਸ਼ੀਆਂ ਦੀ ਰਿਹਾਈ ਰੱਦ
ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਦਾ ਫੈਸਲਾ ਪਲਟਿਆ
ਨਵੀਂ ਦਿੱਲੀ/ਬਿਊਰੋ ਨਿਊਜ਼

ਭਾਰਤੀ ਸੁਪਰੀਮ ਕੋਰਟ ਨੇ ਗੁਜਰਾਤ ਵਿਚ 2002 ਦੇ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਸਮੂਹਿਕ ਜਬਰ ਜਨਾਹ ਅਤੇ ਉਸਦੇ ਪਰਿਵਾਰ ਦੇ 7 ਮੈਂਬਰਾਂ ਦੇ ਕਤਲ ਦੇ ਮਾਮਲੇ ਵਿਚ 11 ਦੋਸ਼ੀਆਂ ਨੂੰ ਸਜ਼ਾ ਤੋਂ ਛੋਟ ਦੇਣ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਜੱਜ ਬੀ.ਵੀ. ਨਾਗਰਤਨ ਅਤੇ ਜੱਜ ਉਜਵਲ ਭੂਈਆਂ ਦੀ ਬੈਂਚ ਨੇ ਸਜ਼ਾ ਵਿਚ ਛੋਟ ਨੂੰ ਚੁਣੌਤੀ ਦੇਣ ਵਾਲੀਆਂ ਜਨਹਿੱਤ ਪਟੀਸ਼ਨਾਂ ਨੂੰ ਸੁਣਵਾਈ ਯੋਗ ਕਰਾਰ ਦਿੰਦੇ ਹੋਏ ਕਿਹਾ ਕਿ ਗੁਜਰਾਤ ਸਰਕਾਰ ਸਜ਼ਾ ’ਚ ਛੋਟ ਦੇ ਆਦੇਸ਼ ਲਈ ਉਚਿਤ ਸਰਕਾਰ ਨਹੀਂ ਹੈ। ਸੁਪਰੀਮ ਕੋਰਟ ਨੇ 11ਦੋਸ਼ੀਆਂ ਨੂੰ ਦੋ ਹਫਤਿਆਂ ਅੰਦਰ ਜੇਲ੍ਹ ਅਧਿਕਾਰੀਆਂ ਦੇ ਸਾਹਮਣੇ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ ਦੋਸ਼ੀਆਂ ਦੀ ਸਜ਼ਾ ਮੁਆਫੀ ’ਤੇ ਦੂਜੀ ਬੈਂਚ ਦੇ 13 ਮਈ 2022 ਦੇ ਆਦੇਸ਼ ’ਤੇ ਕਿਹਾ ਕਿ ਇਹ ਅਦਾਲਤ ਨੂੰ ਗੁੰਮਰਾਹ ਕਰਕੇ ਹਾਸਲ ਕੀਤਾ ਗਿਆ ਸੀ। ਇਸ ਮਾਮਲੇ ਵਿਚ ਗੁਜਰਾਤ ਸਰਕਾਰ ਨੇ ਸਾਰੇ 11 ਦੋਸ਼ੀਆਂ ਨੂੰ 15 ਅਗਸਤ 2022 ਨੂੰ ਸਜ਼ਾ ਵਿਚ ਛੋਟ ਦੇ ਦਿੱਤੀ ਸੀ ਅਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਸੀ।