ਪੁਲਿਸ ਨੇ ਰਿਕਾਰਡ ਨਹੀਂ ਕੀਤਾ ਪੇਸ਼, ਮਾਮਲੇ ਦੀ ਅਗਲੀ ਸੁਣਵਾਈ 11 ਜਨਵਰੀ ਨੂੰ
ਕਪੂਰਥਲਾ/ਬਿਊਰੋ ਨਿਊਜ਼ : ਹਲਕਾ ਭਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ ਇਕ ਵਾਰ ਫਿਰ ਤੋਂ ਟਲ ਗਈ। ਖਹਿਰਾ ਦੀ ਜ਼ਮਾਨਤ ਪਟੀਸ਼ਨ ’ਤੇ ਹੁਣ ਅਗਲੀ ਸੁਣਵਾਈ 11 ਜਨਵਰੀ ਨੂੰ ਹੋਵੇਗੀ। ਉਨ੍ਹਾਂ ਦੇ ਵਕੀਲ ਕੰਵਲਜੀਤ ਸਿੰਘ ਨੇ ਦੱਸਿਆ ਕਿ ਥਾਣਾ ਸੁਭਾਨਪੁਰ ਦੀ ਪੁਲਿਸ ਕੋਰਟ ਵਿਚ ਰਿਕਾਰਡ ਪੇਸ਼ ਨਹੀਂ ਕਰ ਸਕੀ, ਜਿਸ ਦੇ ਚਲਦਿਆਂ ਖਹਿਰਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਨਹੀਂ ਹੋ ਸਕੀ। ਧਿਆਨ ਰਹੇ ਕਿ ਕਪੂਰਥਲਾ ਦੀ ਅਦਾਲਤ ਨੇ ਸੁਖਪਾਲ ਖਹਿਰਾ ਨੂੰ 6 ਜਨਵਰੀ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਨਾਭਾ ਜੇਲ੍ਹ ਭੇਜਿਆ ਸੀ। ਜਦਕਿ ਉਨ੍ਹਾਂ ਦੇ ਵਕੀਲ ਨੇ ਇਕ ਜ਼ਮਾਨਤ ਪਟੀਸ਼ਨ ਦਾਖਲ ਕੀਤੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਪੁਲਿਸ ਨੂੰ 9 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਲਈ ਕਿਹਾ ਸੀ। ਪ੍ਰੰਤੂ ਅੱਜ ਵੀ ਪੁਲਿਸ ਰਿਕਾਰਡ ਪੇਸ਼ ਨਹੀਂ ਕਰ ਸਕੀ। ਧਿਆਨ ਰਹੇ ਕਿ ਡਰੱਗ ਤਸਕਰੀ ਦੇ ਮਾਮਲੇ ’ਚ ਜੇਲ੍ਹ ’ਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ ਕਪੂਰਥਲਾ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ। ਖਹਿਰਾ ਖਿਲਾਫ਼ 4 ਜਨਵਰੀ ਨੂੰ ਥਾਣਾ ਸੁਭਾਨਪੁਰ ’ਚ ਮਹਿਲਾ ਰਣਜੀਤ ਕੌਰ ਦੀ ਸ਼ਿਕਾਇਤ ’ਤੇ ਇਹ ਮਾਮਲਾ ਦਰਜ ਕੀਤਾ ਗਿਆ ਸੀ।