30 ਜਨਵਰੀ ਤੱਕ ਔਨਲਾਈਨ ਦਰਜ ਹੋ ਸਕਣਗੀਆਂ ਸ਼ਿਕਾਇਤਾਂ
ਚੰਡੀਗੜ/ਬਿਊਰੋ ਨਿਊਜ਼ : ਪੰਜਾਬ ਨਾਲ ਸਬੰਧਿਤ ਐਨ.ਆਰ.ਆਈ. ਮਾਮਲਿਆਂ ਨੂੰ ਨਿਪਟਾਉਣ ਦੇ ਲਈ ਸੂਬਾ ਸਰਕਾਰ ਅਗਲੇ ਮਹੀਨੇ ਯਾਨੀ 3 ਫਰਵਰੀ 2024 ਤੋਂ ਐਨ.ਆਰ.ਆਈ. ਮਿਲਣੀ ਦੇ ਸਮਾਗਮ ਕਰੇਗੀ। ਪੂਰੇ ਸੂਬੇ ਵਿਚ ਚਾਰ ਸਮਾਗਮ ਤੈਅ ਕੀਤੇ ਗਏ ਹਨ ਅਤੇ ਇਨਾਂ ਵਿਚ ਪੰਜਾਬ ਦੇ ਸਾਰੇ 23 ਜ਼ਿਲਿਆਂ ਨੂੰ ਕਵਰ ਕੀਤਾ ਜਾਵੇਗਾ। ਇਸ ਦੇ ਚੱਲਦਿਆਂ ਐਨ.ਆਰ.ਆਈਜ਼ ਭਲਕੇ 11 ਜਨਵਰੀ ਤੋਂ 30 ਜਨਵਰੀ 2024 ਤੱਕ ਵਿਭਾਗ ਦੀ ਵੈਬਸਾਈਟ nri.punjab.gov.in ‘ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ‘ਚ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮਾਂ ਦੀ ਸ਼ੁਰੂਆਤ 3 ਫ਼ਰਵਰੀ ਤੋਂ ਤੋਂ ਹੋਵੇਗੀ ਅਤੇ ਇਨਾਂ ਸਮਾਗਮਾਂ ਵਿਚ ਪਰਵਾਸੀ ਪੰਜਾਬੀਆਂ ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਤਿੰਨ ਫਰਵਰੀ ਨੂੰ ਪਠਾਨਕੋਟ ਵਿਚ ਪਹਿਲਾ ਸਮਾਗਮ ਹੋਣਾ ਹੈ, ਜਿੱਥੇ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲਿਆਂ ਦੇ ਐਨ.ਆਰ.ਆਈਜ਼ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ। ਇਸੇ ਤਰਾਂ ਦੂਜਾ ਸਮਾਗਮ 9 ਫਰਵਰੀ ਨੂੰ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਚ ਹੋਵੇਗਾ, ਜਿੱਥੇ ਨਵਾਂਸ਼ਹਿਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਮੋਹਾਲੀ ਜ਼ਿਲਿਆਂ ਦੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੂਰ ਕੀਤੀਆਂ ਜਾਣਗੀਆਂ। ਇਸ ਦੇ ਚੱਲਦਿਆਂ ਤੀਜਾ ਸਮਾਗਮ 16 ਫਰਵਰੀ ਨੂੰ ਸੰਗਰੂਰ ਵਿਚ ਰੱਖਿਆ ਗਿਆ ਹੈ, ਜਿੱਥੇ ਸੰਗਰੂਰ, ਪਟਿਆਲਾ, ਬਰਨਾਲਾ, ਸ੍ਰੀ ਫਤਿਹਗੜ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ਜ਼ਿਲਿਆਂ ਦੇ ਪਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸੇ ਤਰਾਂ ਚੌਥਾ ਸਮਾਗਮ 22 ਫਰਵਰੀ ਨੂੰ ਫਿਰੋਜ਼ਪੁਰ ਵਿਚ ਹੋਵੇਗਾ, ਜਿਸ ਵਿਚ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਤਰਨਤਾਰਨ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲਿਆਂ ਦੇ ਐਨ.ਆਰ.ਆਈਜ਼ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ ਅਤੇ ਉਨਾਂ ਮੁਸ਼ਕਲਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਵੀ ਹੋਵੇਗੀ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਸੂਬੇ ਵਿਚ 2022 ਦੌਰਾਨ ਵੀ ਪੰਜ ਐਨ.ਆਰ.ਆਈ. ਮਿਲਣੀ ਸਮਾਗਮ ਕਰਵਾਏ ਗਏ ਸਨ। ਪੰਜਾਬ ‘ਚ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਹੈ ਕਿ ਸੂਬੇ ਨਾਲ ਸਬੰਧਤ ਐਨ.ਆਰ.ਆਈ. ਇਨਾਂ ਸਮਾਗਮਾਂ ਦਾ ਪੂਰਾ ਲਾਭ ਉਠਾਉਣ। ਉਨਾਂ ਕਿਹਾ ਕਿ ਸਰਕਾਰ ਦੀ ਇਹੀ ਕੋਸ਼ਿਸ਼ ਹੈ ਕਿ ਇਨਾਂ ਮਿਲਣੀ ਸਮਾਗਮਾਂ ਵਿਚ ਸ਼ਾਮਲ ਹੋਣ ਵਾਲੇ ਐਨ.ਆਰ.ਆਈ. ਵਿਅਕਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇ।
Check Also
ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਲਈ ਗੰਭੀਰ : ਟਰੰਪ
ਅਮਰੀਕੀ ਰਾਸ਼ਟਰਪਤੀ ਨੇ ਕੈਨੇਡਾ ਨੂੰ ਸਾਲਾਨਾ 200 ਅਰਬ ਡਾਲਰ ਦੇ ਭੁਗਤਾਨ ‘ਤੇ ਚੁੱਕੇ ਸਵਾਲ ਵਾਸ਼ਿੰਗਟਨ/ਬਿਊਰੋ …