Breaking News
Home / ਪੰਜਾਬ / ਸੰਯੁਕਤ ਕਿਸਾਨ ਮੋਰਚਾ ਤੇ 18 ਜਥੇਬੰਦੀਆਂ ਵੱਲੋਂ ਕੇਂਦਰ ਖਿਲਾਫ ਮਹਾਰੈਲੀ

ਸੰਯੁਕਤ ਕਿਸਾਨ ਮੋਰਚਾ ਤੇ 18 ਜਥੇਬੰਦੀਆਂ ਵੱਲੋਂ ਕੇਂਦਰ ਖਿਲਾਫ ਮਹਾਰੈਲੀ

ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ 13 ਫਰਵਰੀ ਨੂੰ ਦਿੱਲੀ ਕੂਚ ਕਰਨ ਦਾ ਐਲਾਨ
ਬਰਨਾਲਾ/ਬਿਊਰੋ ਨਿਊਜ਼ : ਬਰਨਾਲਾ ਦੀ ਦਾਣਾ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵੱਲੋਂ ਉੱਤਰ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਦੀ ਸ਼ਮੂਲੀਅਤ ਨਾਲ ਕਿਸਾਨ ਮਹਾਪੰਚਾਇਤ ਰੈਲੀ ਕਰਵਾਈ ਗਈ। ਆਗੂਆਂ ਨੇ ਕਿਹਾ ਕਿ ਦੋਵੇਂ ਫੋਰਮਾਂ ਦੀ ਸਾਂਝੀ ਅਗਵਾਈ ਹੇਠ ਭਾਰਤ ਪੱਧਰੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮਨਵਾਉਣ ਅਤੇ ਦਿੱਲੀ ਘੋਲ ਦੌਰਾਨ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਕਿਸਾਨ 13 ਫ਼ਰਵਰੀ ਨੂੰ ਦਿੱਲੀ ਵੱਲ ਕੂਚ ਕਰਨਗੇ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸੁਰਜੀਤ ਫੂਲ, ਜਸਵਿੰਦਰ ਸਿੰਘ ਲੌਂਗੋਵਾਲ ਅਤੇ ਸਰਵਨ ਸਿੰਘ ਪੰਧੇਰ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ ਲਈ ਐੱਮਐੱਸਪੀ ਕਾਨੂੰਨ ਬਣਾ ਕੇ ਫ਼ਸਲਾਂ ਦਾ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਦੇਵੇ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ ਕੀਤੀ ਜਾਵੇ, ਕਿਸਾਨਾਂ ਲਈ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਇਸ ਤੋਂ ਇਲਾਵਾ ਦਿੱਲੀ ਅੰਦੋਲਨ ਦੀਆਂ ਅਧੂਰੀਆਂ ਰਹਿੰਦੀਆਂ ਮੰਗਾਂ ਜਿਵੇਂ ਕਿ ਲਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ਼, ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਬਾਹਰ ਕੀਤਾ ਜਾਵੇ ਅਤੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕੀਤੀ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਅੰਦੋਲਨ ਸਮੇਤ ਦੇਸ਼ ਭਰ ਦੇ ਸਾਰੇ ਕਿਸਾਨ ਅੰਦੋਲਨਾਂ ਦੌਰਾਨ ਦਰਜ ਕੇਸ ਰੱਦ ਕਰਨ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ-ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦਿੱਤਾ ਜਾਵੇ ਅਤੇ ਦਿੱਲੀ ਘੋਲ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਸਮਾਰਕ ਲਈ ਦਿੱਲੀ ਵਿੱਚ ਜਗ੍ਹਾ ਦਿੱਤੀ ਜਾਵੇ ਅਤੇ ਵਾਅਦੇ ਮੁਤਾਬਕ ਨਵਾਂ ਬਿਜਲੀ ਸੋਧ ਕਾਨੂੰਨ ਰੱਦ ਕੀਤਾ ਜਾਵੇ।
ਆਗੂਆਂ ਨੇ ਕਿਹਾ ਕਿ ਜੇ ਉਕਤ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਿਸਾਨ 13 ਫ਼ਰਵਰੀ ਨੂੰ ਸਾਰੇ ਸੂਬਿਆਂ ਤੋਂ ਦਿੱਲੀ ਵੱਲ ਕੂਚ ਕਰਨਗੇ। ਇਸ ਮਹਾਪੰਚਾਇਤ ਵਿੱਚ ਕ੍ਰਾਂਤੀਕਾਰੀ ਪੇਂਡੂ ਖੇਤ ਮਜ਼ਦੂਰ ਯੂਨੀਅਨ ਦੇ ਵਰਕਰਾਂ ਨੇ ਸ਼ਮੂਲੀਅਤ ਕਰਕੇ ਕਿਸਾਨਾਂ ਦੀ ਹਮਾਇਤ ਕੀਤੀ। ਲਖੀਮਪੁਰ ਖੀਰੀ ਦੇ ਗੁਰਦੁਆਰਾ ਮਹਿੰਗਾਪੁਰ ਵਿੱਚ ਬਾਬਾ ਗੁਰਨਾਮ ਸਿੰਘ ਵੱਲੋਂ ਕਿਸਾਨਾਂ ਦੇ ਕਾਤਲ ਸਮਝੇ ਜਾਂਦੇ ਅਜੈ ਮਿਸ਼ਰਾ ਟੈਣੀ ਨੂੰ ਦਿੱਤੇ ਸਨਮਾਨ ਦੀ ਇਕੱਠ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।

ਪੰਜ ਕਿਸਾਨ ਜਥੇਬੰਦੀਆਂ ਨੇ 18 ਦੇ ਮੋਰਚੇ ਬਾਰੇ ਰੂਪ-ਰੇਖਾ ਉਲੀਕੀ
ਚੰਡੀਗੜ੍ਹ : ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤ ਕਿਸਾਨ ਯੂਨੀਅਨ (ਮਾਨਸਾ) ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਦੇ ਆਗੂਆਂ ਨੇ ਸੂਬੇ ਵਿੱਚ ਪਾਣੀ ਦੇ ਗੰਭੀਰ ਸੰਕਟ, ਦੂਸ਼ਿਤ ਵਾਤਾਵਰਨ ਅਤੇ ਸੂਬੇ ਦੇ ਸੰਘੀ ਢਾਂਚੇ ਨੂੰ ਗੰਭੀਰ ਖ਼ਤਰੇ ਦੇ ਮੁੱਦੇ ‘ਤੇ 18 ਜਨਵਰੀ ਨੂੰ ਚੰਡੀਗੜ੍ਹ ਵਿੱਚ ਲਾਏ ਜਾਣ ਵਾਲੇ ਮੋਰਚੇ ਬਾਰੇ ਚਰਚਾ ਕੀਤੀ। ਇਸ ਦੌਰਾਨ ਬਲਬੀਰ ਸਿੰਘ ਰਾਜੇਵਾਲ, ਕੰਵਲਪ੍ਰੀਤ ਸਿੰਘ ਪੰਨੂ, ਪ੍ਰੇਮ ਸਿੰਘ ਭੰਗੂ, ਦਲਬੀਰ ਸਿੰਘ ਬੇਦਾਦਪੁਰ ਅਤੇ ਬੇਅੰਤ ਸਿੰਘ ਮਹਿਮਾਸਰਜਾ ਨੇ ਦੱਸਿਆ ਕਿ ਸੂਬੇ ਵਿੱਚ ਮੀਟਿੰਗਾਂ, ਰੈਲੀਆਂ, ਫਲੈਗ ਮਾਰਚ ਅਤੇ ਪੈਂਫਲੇਟ ਵੰਡਣ ਦੇ ਰੂਪ ਵਿੱਚ ਪ੍ਰਚਾਰ ਮੁਹਿੰਮ ਜ਼ੋਰਾਂ ‘ਤੇ ਹੈ। ਕਿਸਾਨ ਆਪਣੀਆਂ ਟਰੈਕਟਰ-ਟਰਾਲੀਆਂ ਤਿਆਰ ਕਰ ਰਹੇ ਹਨ ਅਤੇ ਦਿੱਲੀ ਮੋਰਚੇ ਦੀ ਤਰਜ਼ ‘ਤੇ ਰਾਸ਼ਨ ਇਕੱਠਾ ਕਰ ਰਹੇ ਹਨ। ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹੁਣ ਤੱਕ ਧਰਨੇ ਲਈ ਜਗ੍ਹਾ ਅਲਾਟ ਨਾ ਕਰਨ ਅਤੇ ਇਸ ਮਾਮਲੇ ਨੂੰ ਲਗਾਤਾਰ ਲਟਕਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਆਗੂਆਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਧਰਨਾ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗਾ। ਉਨ੍ਹਾਂ ਕਿਹਾ ਕਿ ਡੈਮ ਸੁਰੱਖਿਆ ਐਕਟ ਬਣਾਉਣ, ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਦੇਣ ਅਤੇ ਚੰਡੀਗੜ੍ਹ ਨੂੰ ਪੰਜਾਬ ਵਿੱਚ ਤਬਦੀਲ ਨਾ ਕਰਨ ਦਾ ਕੇਂਦਰ ਸਰਕਾਰ ਦਾ ਕਦਮ ਸੂਬੇ ਦੇ ਸੰਘੀ ਢਾਂਚੇ ਲਈ ਗੰਭੀਰ ਖ਼ਤਰਾ ਹੈ।
ਨਵੀਂ ਖੇਤੀ ਨੀਤੀ ਲਾਗੂ ਨਾ ਕਰਨ ‘ਤੇ ਮੋਰਚਾ ਲਾਉਣਗੇ ਕਿਸਾਨ: ਉਗਰਾਹਾਂ
ਭੁੱਚੋ ਮੰਡੀ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ 21 ਜਨਵਰੀ ਤੱਕ ਪੰਜਾਬ ਲਈ ਨਵੀਂ ਕਿਸਾਨ ਪੱਖੀ ਖੇਤੀ ਨੀਤੀ ਦਾ ਐਲਾਨ ਨਾ ਕੀਤੇ ਜਾਣ ‘ਤੇ 22 ਜਨਵਰੀ ਤੋਂ ਡੀਸੀ ਦਫ਼ਤਰ ਅੱਗੇ ਪੰਜ ਰੋਜ਼ਾ ਧਰਨਾ ਲਗਾਉਣ ਦੇ ਸੰਘਰਸ਼ ਦੀ ਤਿਆਰੀ ਵਜੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵੱਡੀ ਗਿਣਤੀ ਔਰਤਾਂ ਨੇ ਸ਼ਮੂਲੀਅਤ ਕੀਤੀ। ਔਰਤ ਵਿੰਗ ਦੀ ਆਗੂ ਹਰਿੰਦਰ ਕੌਰ ਬਿੰਦੂ ਅਤੇ ਕਮਲਜੀਤ ਕੌਰ ਬਰਨਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਵੀਂ ਖੇਤੀ ਨੀਤੀ ਸਮੇਤ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਾਰੀਆਂ ਭਖਵੀਆਂ ਮੰਗਾਂ ਲਾਗੂ ਕਰਨ ਦਾ ਵਾਅਦਾ ਕੀਤਾ ਸੀ।
ਪੰਜਾਬ ਸਰਕਾਰ ਆਪਣੇ ਇਸ ਵਾਅਦੇ ਅਨੁਸਾਰ 21 ਜਨਵਰੀ ਤੱਕ ਪੰਜਾਬ ਲਈ ਨਵੀਂ ਕਿਸਾਨ ਪੱਖੀ ਖੇਤੀ ਨੀਤੀ ਦਾ ਐਲਾਨ ਕਰੇ। ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪੰਜਾਬ ਵਿੱਚ 22 ਜਨਵਰੀ ਨੂੰ ਦਿੱਤੇ ਜਾਣ ਵਾਲੇ ਪੰਜ ਰੋਜ਼ਾ ਧਰਨਿਆਂ ਦੌਰਾਨ ਕੋਈ ਐਲਾਨ ਨਾ ਕੀਤਾ ਤਾਂ ਉਹ ਫਰਵਰੀ ਦੇ ਪਹਿਲੇ ਹਫਤੇ ‘ਨਿਬੇੜਾ ਕਰੂ ਮੋਰਚਾ’ ਲਗਾਉਣਗੇ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …