ਪਰਵਿੰਦਰ ਕੌਰ ਨੇ ਐੱਨਆਰਆਈ ਸਭਾ ਦੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਐੱਨਆਰਆਈ ਭਾਈਚਾਰੇ ਨੂੰ ਪੰਜਾਬ ਵਿੱਚ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦਿੰਦੇ ਹੋਏ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਐੱਨਆਰਆਈ ਸਭਾ ਦੀ ਨਵਨਿਯੁਕਤ ਪ੍ਰਧਾਨ ਪਰਵਿੰਦਰ ਕੌਰ ਬੰਗਾ ਦੇ ਅਹੁਦਾ ਸੰਭਾਲਣ ਮੌਕੇ ਪੁੱਜੇ ਹੋਏ ਸਨ।
ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਹਿਲਾਂ ਪੰਜ ਐੱਨਆਰਆਈ ਮਿਲਣੀਆਂ ਕਰਵਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਪਰਵਾਸੀ ਭਾਰਤੀਆਂ ਵੱਲੋਂ ਪ੍ਰਾਪਰਟੀ ਸਬੰਧੀ ਕੁੱਲ 610 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 595 ਦਾ ਸਰਕਾਰ ਵੱਲੋਂ ਨਿਬੇੜਾ ਕੀਤਾ ਜਾ ਚੁੱਕਾ ਹੈ ਅਤੇ ਕੁਝ ਅਦਾਲਤ ਵਿੱਚ ਮੁਕੱਦਮੇਬਾਜ਼ੀ ਕਾਰਨ ਪੈਂਡਿੰਗ ਹਨ। ਪਰਵਿੰਦਰ ਕੌਰ ਨੇ ਜਲੰਧਰ ਵਿਚ ਐਨਆਰਆਈ ਸਭਾ ਵਿਚ ਪੰਜਾਬ ਦੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਲਿਮਿਟਡ ਦੀ ਚੇਅਰਪਰਸਨ ਰਾਜਵਿੰਦਰ ਕੌਰ ਅਤੇ ਹੋਰ ਪਤਵੰਤਿਆਂ ਦੀ ਮੌਜੂਦਗੀ ਵਿੱਚ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ।