ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੇ ਖਿਲਾਫ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਲੋਂ ਜਾਰੀ ਗੈਰ ਜ਼ਮਾਨਤੀ ਵਾਰੰਟ ਰੱਦ ਕਰ ਦਿੱਤੇ ਹਨ। ਮੀਤ ਹੇਅਰ ਦੇ ਖਿਲਾਫ ਚੰਡੀਗੜ੍ਹ ਵਿਚ 24 ਅਕਤੂਬਰ 2023 ਨੂੰ ਆਈਪੀਸੀ ਦੀ ਧਾਰਾ 188 ਦੇ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਇਹ ਮਾਮਲਾ ਉਸ ਸਮੇਂ ਦਰਜ ਹੋਇਆ ਸੀ, ਜਦੋਂ ਮੀਤ ਹੇਅਰ ਆਮ ਆਦਮੀ ਪਾਰਟੀ ਦੇ ਸਮਰਥਕਾਂ ਨਾਲ ਚੰਡੀਗੜ੍ਹ ਭਾਜਪਾ ਦਫਤਰ ’ਚ ਧਰਨਾ ਦੇਣ ਗਏ ਸਨ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਮੀਤ ਹੇਅਰ ਨੂੰ ਜ਼ਮਾਨਤ ਮਿਲੀ ਹੋਈ ਸੀ, ਪਰ ਉਹ ਅਦਾਲਤ ਵਿਚ ਪੇਸ਼ ਨਹੀਂ ਹੋਏ ਸਨ। ਇਸ ਕਰਕੇ ਅਦਾਲਤ ਨੇ ਸਖਤ ਰੁਖ ਅਖਤਿਆਰ ਕਰਦਿਆਂ ਉਨ੍ਹਾਂ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ ਅਤੇ ਨਾਲ ਹੀ ਉਨ੍ਹਾਂ ਦੇ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਸਨ। ਇਸ ਤੋਂ ਬਾਅਦ ਮੀਤ ਹੇਅਰ ਇਨ੍ਹਾਂ ਆਦੇਸ਼ਾਂ ਨੂੰ ਰੱਦ ਕਰਵਾਉਣ ਲਈ ਹਾਈਕੋਰਟ ਪਹੁੰਚ ਗਏ ਸਨ।