1.3 C
Toronto
Wednesday, January 7, 2026
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਲਗਾਏ ਵਿਸ਼ੇਸ਼ ਕੈਂਪਾਂ ‘ਚ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਲਗਾਏ ਵਿਸ਼ੇਸ਼ ਕੈਂਪਾਂ ‘ਚ ਲੰਬਿਤ ਪਏ ਇੰਤਕਾਲਾਂ ਦੇ 50796 ਮਾਮਲੇ ਨਿਪਟਾਏ: ਜਿੰਪਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ 15 ਜਨਵਰੀ ਨੂੰ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ ਨਿਪਟਾਉਣ ਲਈ ਦੂਸਰਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਤੋਂ ਪਹਿਲਾਂ 6 ਜਨਵਰੀ ਨੂੰ ਵੀ ਵਿਸ਼ੇਸ਼ ਕੈਂਪ ਲਗਾਇਆ ਗਿਆ ਸੀ ਜੋ ਕਿ ਬੇਹੱਦ ਸਫਲ ਰਿਹਾ ਸੀ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਕੈਂਪਾਂ ਦੌਰਾਨ ਇੰਤਕਾਲਾਂ ਦੇ ਲੰਬਿਤ ਪਏ 50796 ਮਾਮਲੇ ਨਿਪਟਾਏ ਗਏ ਹਨ। ਪਹਿਲੇ ਕੈਂਪ ਵਿਚ 31538 ਜਦਕਿ ਦੂਜੇ ਕੈਂਪ ਵਿਚ 19258 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਹੈ। 15 ਜਨਵਰੀ ਨੂੰ ਵਿਸ਼ੇਸ਼ ਕੈਂਪ ਦੌਰਾਨ ਜਿੰਪਾ ਨੇ ਖੁਦ ਬਲਾਚੌਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪਟਿਆਲਾ ਤਹਿਸੀਲਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਕੇ ਆ ਰਹੀਆਂ ਸਮੱਸਿਆਂਵਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ। ਪਹਿਲੇ ਕੈਂਪ ਦੌਰਾਨ ਉਨ੍ਹਾਂ ਨੇ ਹੁਸ਼ਿਆਰਪੁਰ,ਫਗਵਾੜਾ, ਫਿਲੌਰ, ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ ਅਤੇ ਸ਼ਹੀਦ ਭਗਤ ਸਿੰਘ ਨਗਰ ਤਹਿਸੀਲਾਂ ਦਾ ਦੌਰਾ ਕਰਕੇ ਕੰਮਕਾਜ ਦਾ ਜਾਇਜ਼ਾ ਲਿਆ ਸੀ। ਮਾਲ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਦੇ ਇੰਤਕਾਲ ਦੇ ਮਾਮਲੇ ਪੈਂਡਿੰਗ ਪਏ ਸਨ ਉਨ੍ਹਾਂ ਨੇ ਸਬੰਧਿਤ ਤਹਿਸੀਲ/ਸਬ-ਤਹਿਸੀਲ ਵਿੱਚ ਪਹੁੰਚ ਕੇ ਇੰਤਕਾਲ ਸੰਬੰਧੀ ਆ ਰਹੀ ਸਮੱਸਿਆ ਦਾ ਮੌਕੇ ਉੱਤੇ ਹੱਲ ਕਰਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ ਹੈ। ਜਿੰਪਾ ਨੇ ਅਪੀਲ ਕੀਤੀ ਹੈ ਕਿ ਪੰਜਾਬ ‘ਚੋਂ ਭ੍ਰਿਸ਼ਟਾਚਾਰ ਖਤਮ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਜਾਇਜ਼ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।
RELATED ARTICLES
POPULAR POSTS