![](https://parvasinewspaper.com/wp-content/uploads/2024/01/Sukhinder-Randhawa-and-Khehra-300x235.jpg)
ਚੰਡੀਗੜ੍ਹ/ਬਿਊਰੋ ਨਿਊਜ਼
ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਚੰਡੀਗੜ੍ਹ ਵਿਚ ਸੁਖਪਾਲ ਸਿੰਘ ਖਹਿਰਾ ਨਾਲ ਮੁਲਾਕਾਤ ਕੀਤੀ ਹੈ। ਧਿਆਨ ਰਹੇ ਕਿ ਸੁਖਪਾਲ ਸਿੰਘ ਖਹਿਰਾ ਲੰਘੇ ਕੱਲ੍ਹ ਹੀ ਜੇਲ੍ਹ ਵਿਚੋਂ ਰਿਹਾਅ ਹੋਏ ਹਨ। ਰੰਧਾਵਾ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਰਾਜਸੀ ਬਦਲਾਖੋਰੀ ਤਹਿਤ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਕ ਝੂਠਾ ਕੇਸ ਪਾ ਕਿ ਜੇਲ੍ਹ ਭੇਜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜ਼ਮਾਨਤ ਦੇਣ ਦੇ ਬਾਵਜੂਦ ਵੀ ਮਾਨ ਸਰਕਾਰ ਨੇ ਰਾਜਸੀ ਬਦਲਾਖੋਰੀ ਤਹਿਤ ਫਿਰ ਇਕ ਝੂਠਾ ਕੇਸ ਪਾ ਕੇ ਉਨ੍ਹਾਂ ਨੂੰ ਨਾਭਾ ਜੇਲ੍ਹ ਭੇਜ ਦਿੱਤਾ ਸੀ। ਇਸ ਤੋਂ ਬਾਅਦ ਕਪੂਰਥਲਾ ਦੀ ਅਦਾਲਤ ਨੇ ਫਿਰ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਰੰਧਾਵਾ ਨੇ ਸੁਖਪਾਲ ਸਿੰਘ ਖਹਿਰਾ ਨੂੰ ਮਿਲ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਹਮੇਸ਼ਾ ਹੱਕ ਤੇ ਸੱਚ ਦੀ ਲੜਾਈ ਲੜੀ ਹੈ। ਰੰਧਾਵਾ ਨੇ ਖਹਿਰਾ ਨੂੰ ਥਾਪੀ ਦਿੰਦੇ ਹੋਏ ਕਿਹਾ ਕਿ ਉਹ ਮਾਨ ਸਰਕਾਰ ਖ਼ਿਲਾਫ਼ ਆਪਣੀ ਲੜਾਈ ਜਾਰੀ ਰੱਖਣ ਅਤੇ ਕਾਂਗਰਸ ਹਾਈਕਮਾਂਡ ਅਤੇ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਖਹਿਰਾ ਨਾਲ ਚਟਾਨ ਵਾਂਗ ਖੜ੍ਹੀ ਹੈ।