ਰਾਘਵ ਚੱਢਾ ਬੋਲੇ : ਇੰਡੀਆ ਗੱਠਜੋੜ ਤੋਂ ਡਰੀ ਭਾਰਤੀ ਜਨਤਾ ਪਾਰਟੀ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਅੱਜ ਹੋਣ ਵਾਲੀ ਚੋਣ ਫਿਲਹਾਲ ਟਾਲ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਤਾ ਚੱਲਿਆ ਹੈ ਕਿ ਚੋਣ ਕਰਵਾਉਣ ਵਾਲੇ ਪ੍ਰੀਜ਼ਾਇਡਿੰਗ ਅਫਸਰ ਅਨਿਲ ਮਸੀਹ ਦੀ ਸਿਹਤ ਖਰਾਬ ਹੋਣ ਕਾਰਨ ਚੋਣ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਇਕ ਅਧਿਕਾਰਤ ਫਾਰਮ ਵੀ ਜਾਰੀ ਕੀਤਾ ਗਿਆ ਹੈ। ਚੋਣ ਮੁਲਤਵੀ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਕੌਂਸਲਰਾਂ ਵੱਲੋਂ ਨਗਰ ਨਿਗਮ ਦਫ਼ਤਰ ਦੇ ਬਾਹਰ ਹੰਗਾਮਾ ਕੀਤਾ ਗਿਆ। ਹੰਗਾਮੇ ਦੌਰਾਨ ਕੌਂਸਲਰਾਂ ਅਤੇ ਚੰਡੀਗੜ੍ਹ ਪੁਲਿਸ ਦਰਮਿਆਨ ਧੱਕਾ-ਮੁੱਕੀ ਵੀ ਹੋਈ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਇਨ੍ਹਾਂ ਕੌਂਸਲਰਾਂ ਨੂੰ ਹਿਰਾਸਤ ਵਿਚ ਲੈ ਲਿਆ। ਚੰਡੀਗੜ੍ਹ ਨਗਰ ਨਿਗਮ ’ਚ ਪਹਿਲੀ ਵਾਰ ਇੰਡੀਆ ਗੱਠਜੋੜ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਸਿੱਧਾ ਮੁਕਾਬਲਾ ਹੋਣਾ ਹੈ। ਚੰਡੀਗੜ੍ਹ ਨਗਰ ਨਿਗਮ ’ਚ ਬਣੇ ਇੰਡੀਆ ਗੱਠਜੋੜ ’ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਸ਼ਾਮਲ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਸਿਆਸੀ ਪਾਰਟੀਆਂ ਦੀ ਇਕ ਵੱਡੀ ਲੜਾਈ ਵਜੋਂ ਦੇਖਿਆ ਜਾ ਰਿਹਾ ਹੈ।