ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਜ਼ਮਾਨਤ ਰੱਦ ਕਰਨ ਵਾਲੀ ਪਟੀਸ਼ਨ ਕੀਤੀ ਖਾਰਜ
ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ। ਜਦੋਂ ਸੁਪਰੀਮ ਕੋਰਟ ਨੇ ਵਿਧਾਇਕ ਖਹਿਰਾ ਦੀ ਜ਼ਮਾਨਤ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਖਹਿਰਾ ਖਿਲਾਫ ਲਗਾਏ ਗਏ ਆਰੋਪ ਬਹੁਤ ਗੰਭੀਰ ਹਨ ਪ੍ਰੰਤੂ ਅਸੀਂ ਤੱਥਾਂ ਅਤੇ ਪ੍ਰਸਿਥਿਤੀਆਂ ਨਾਲ ਸਹਿਮਤ ਨਹੀਂ। ਸੁਣਵਾਈ ਦੌਰਾਨ ਐਡਵੋਕੇਟ ਸਿਧਾਰਥ ਲੂਥਰਾ ਅਤੇ ਵਿਕਰਮ ਚੌਧਰੀ ਵੱਲੋਂ ਪੰਜਾਬ ਸਰਕਾਰ ਦਾ ਪੱਖ ਰੱਖਿਆ ਗਿਆ ਜਦਕਿ ਐਡਵੋਕੇਟ ਪੀ ਐਸ ਪਟਵਾਲੀਆ ਵੱਲੋਂ ਵਿਧਾਇਕ ਖਹਿਰਾ ਦਾ ਪੱਖ ਰੱਖਿਆ ਗਿਆ। ਦੋਵੇਂ ਧਿਰਾਂ ਦਾ ਪੱਖ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਕਿ ਉਹ ਪੰਜਾਬ-ਹਰਿਆਣਾ ਹਾਈ ਕੋਰਟ ਦੇ ਫੈਸਲੇ ’ਚ ਦਖਲਅੰਦਾਜ਼ੀ ਕਰਨ ਦੇ ਇੱਛੁਕ ਨਹੀਂ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਖਹਿਰਾ ਦੀ ਜ਼ਮਾਨਤ ਰੱਦ ਕਰਨ ਲਈ ਲਗਾਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਧਿਆਨ ਰਹੇ ਕਿ ਸੁਖਪਾਲ ਖਹਿਰਾ ਨੂੰ ਲੰਘੇ ਦਿਨੀਂ 2015 ਦੇ ਇਕ ਪੁਰਾਣੇ ਡਰੱਗ ਮਾਮਲੇ ’ਚ ਹਾਈ ਕੋਰਟ ਵੱਲੋਂ ਜ਼ਮਾਨਤ ਦਿੱਤੀ ਗਈ ਸੀ, ਜਿਸ ਨੂੰ ਖਾਰਜ ਕਰਵਾਉਣ ਪੰਜਾਬ ਸਰਕਾਰ ਸੁਪਰੀਮ ਕੋਰਟ ਪਹੁੰਚੀ ਸੀ।