ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਤਾਂ ਨੂੰ ਦਿੱਤੀ ਵਧਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਬੁੱਧਵਾਰ ਨੂੰ ਪੰਜਾਬ ਅਤੇ ਪੂਰੇ ਭਾਰਤ ਸਣੇ ਵਿਦੇਸ਼ਾਂ ‘ਚ ਵੀ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਪਈ ਸੰਘਣੀ ਧੁੰਦ ਦੇ ਬਾਵਜੂਦ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ ਅਤੇ ਇਲਾਹੀ ਬਾਣੀ ਸਰਵਣ ਕੀਤੀ। ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟਲ ਰਾਏ ਜੀ ਵਿਖੇ ਸੁੰਦਰ ਜਲੌਅ ਵੀ ਸਜਾਏ ਗਏ। ਸ਼ਾਮ ਵੇਲੇ ਸੰਗਤਾਂ ਵੱਲੋਂ ਦੀਪਮਾਲਾ ਵੀ ਕੀਤੀ ਗਈ। ਪ੍ਰਕਾਸ਼ ਪੁਰਬ ਮੌਕੇ ਸਮੂਹ ਗੁਰਦੁਆਰਾ ਸਾਹਿਬਾਨਾਂ ਵਿਚ ਗੁਰੂ ਕੇ ਅਤੁੱਟ ਲੰਗਰ ਵੀ ਵਰਤੇ।
ਇਸ ਤੋਂ ਇਲਾਵਾ ਦੇਸ਼ ਭਰ ਦੇ ਗੁਰਦੁਆਰਾ ਸਾਹਿਬਾਨਾਂ ਵਿਖੇ ਵੀ ਬੁੱਧਵਾਰ ਦੀ ਸਵੇਰ ਤੋਂ ਮੱਥਾ ਟੇਕਣ ਲਈ ਸੰਗਤਾਂ ਦੀਆਂ ਵੱਡੀਆਂ-ਵੱਡੀਆਂ ਲਾਈਨਾਂ ਲੱਗੀਆਂ ਹੋਈਆਂ ਸਨ। ਤਖਤ ਸ੍ਰੀ ਪਟਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਨਤਮਸਤਕ ਹੋਏ ਅਤੇ ਉਨ੍ਹਾਂ ਗੁਰੂ ਸਾਹਿਬ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ। ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਵੱਲੋਂ ਦਰਸਾਏ ਗਏ ਮਾਰਗ ‘ਤੇ ਚੱਲਣ ਲਈ ਸੰਗਤਾਂ ਨੂੰ ਅਪੀਲ ਵੀ ਕੀਤੀ।