ਅਮਨ-ਕਾਨੂੰਨ ਦੀ ਸਥਿਤੀ ‘ਤੇ ਵੜਿੰਗ ਅਤੇ ਬਾਜਵਾ ਨੇ ਪੰਜਾਬ ਸਰਕਾਰ ਨੂੰ ਘੇਰਿਆ
ਕੁਰਾਲੀ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਵੱਲੋਂ ਕੁਰਾਲੀ ਨੇੜੇ ਪਡਿਆਲਾ ਬਾਈਪਾਸ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਵਿੱਚ ਕੀਤੀ ਰੈਲੀ ਵਿਚ ਪੰਜਾਬ ਦੇ ਹਿੱਤਾਂ ਲਈ ਸਮੁੱਚੇ ਪੰਜਾਬੀਆਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ ਗਿਆ। ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਪੰਜਾਬ ਦੀ ‘ਆਪ’ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਤਿੱਖੇ ਸ਼ਬਦੀ ਹਮਲੇ ਕੀਤੇ।
ਯਾਦਵ ਨੇ ‘ਆਪ’ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਸੱਦਾ ਦਿੰਦਿਆਂ ਐਲਾਨ ਕੀਤਾ ਕਿ ਸਰਕਾਰ ਨੂੰ ਬਾਹਰ ਕਰਨ ਤੱਕ ਕਾਂਗਰਸ ਪਾਰਟੀ ਪੰਜਾਬ ਵਿੱਚ ਚੈਨ ਨਾਲ ਨਹੀਂ ਬੈਠੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਭ੍ਰਿਸ਼ਟਾਚਾਰ ਤੇ ਬੇਰੁਜ਼ਗਾਰੀ ਸਿਖ਼ਰਾਂ ‘ਤੇ ਹੈ ਜਦਕਿ ਅਮਨ-ਕਾਨੂੰਨ ਦੀ ਵਿਵਸਥਾ ਖ਼ਰਾਬ ਹੈ।ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਹਰ ਪੱਖ ਤੋਂ ਮਾੜੇ ਹਨ। ਪੰਜਾਬ ਦੀ ਜਵਾਨੀ ਇਸ ਵੇਲੇ ਨਸ਼ਿਆਂ ਵਿੱਚ ਗਲਤਾਨ ਹੈ ਜਦਕਿ ਪੰਜਾਬ ਦੇ ਲੋਕ ਬੇਵਸ ਹੋ ਕੇ ਰਹਿ ਗਏ ਹਨ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਮਾਨ ਸਰਕਾਰ ਖ਼ਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਕੇਂਦਰ ਪੰਜਾਬ ਨੂੰ ਕਮਜ਼ੋਰ ਕਰਨ ਵਿੱਚ ਲੱਗੀ ਹੋਈ ਹੈ ਜਦਕਿ ਪੰਜਾਬ ਸਰਕਾਰ ਪੰਜਾਬ ਦੇ ਹਿੱਤਾਂ ‘ਤੇ ਪਹਿਰਾ ਦੇਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ। ਬਾਜਵਾ ਨੇ ਆਰੋਪ ਲਾਇਆ ਕਿ ਗਿਣੀ ਮਿੱਥੀ ਸਾਜਿਸ਼ ਤਹਿਤ ਹੀ ਅਟਾਰੀ ‘ਤੇ ਵਾਹਗਾ ਬਾਰਡਰ ਨਹੀਂ ਖੋਲ੍ਹਿਆ ਜਾ ਰਿਹਾ ਜਦਕਿ ਦੇਸ਼ ਦੀਆਂ ਹੋਰ ਸਰਹੱਦਾਂ ਤੋਂ ਵਪਾਰ ਆਮ ਵਾਂਗ ਚੱਲ ਰਿਹਾ ਹੈ।
ਇਸ ਮੌਕੇ ਵਿਰੋਧੀ ਧਿਰ ਦੇ ਉੱਪ ਆਗੂ ਰਾਜ ਕੁਮਾਰ ਚੱਬੇਵਾਲ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਦੀਪਇੰਦਰ ਸਿੰਘ ਢਿੱਲੋਂ, ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਕੁਲਜੀਤ ਸਿੰਘ ਨਾਗਰਾ, ਮਹਿਲਾ ਕਾਂਗਰਸ ਪੰਜਾਬ ਦੀ ਪ੍ਰਧਾਨ ਗੁਰਸ਼ਰਨ ਰੰਧਾਵਾ ਹਾਜ਼ਰ ਸਨ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …