-5.6 C
Toronto
Monday, January 19, 2026
spot_img
Homeਪੰਜਾਬਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼...

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਲਾਸਾਨੀ ਅਤੇ ਪ੍ਰੇਰਨਾਦਾਇਕ: ਜਥੇਦਾਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਾਵਨ ਸਰੂਪ ਪਾਲਕੀ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਗਤਕੇ ਦੇ ਜੌਹਰ ਦਿਖਾਏ ਗਏ ਅਤੇ ਬੈਂਡ ਪਾਰਟੀਆਂ ਨੇ ਸ਼ਬਦ ਗਾਇਨ ਕੀਤਾ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਰਬੰਸਦਾਨੀ ਤੇ ਦਸਮ ਪਾਤਸ਼ਾਹ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੁਨੀਆ ਦੇ ਇਤਿਹਾਸ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਲਾਸਾਨੀ ਅਤੇ ਪ੍ਰੇਰਨਾਦਾਇਕ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਖੰਡੇ ਬਾਟੇ ਦਾ ਅੰਮ੍ਰਿਤਪਾਨ ਕਰਕੇ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਦੁਨੀਆ ਵਿਚ ਕ੍ਰਾਂਤੀਕਾਰੀ, ਵਿਦਵਾਨ, ਧਾਰਮਿਕ ਤੇ ਰਾਜਨੀਤਕ ਰਾਹ-ਦਸੇਰੇ ਤਾਂ ਲੱਖਾਂ ਹੋਣਗੇ ਪਰ ਮਾਨਵ ਜਾਤੀ ਦੇ ਕਲਿਆਣ ਵਾਸਤੇ ਪੂਰਾ ਪਰਿਵਾਰ ਕੁਰਬਾਨ ਕਰ ਦੇਣ ਵਾਲੇ ਸਿਰਫ ਤੇ ਸਿਰਫ ਗੁਰੂ ਗੋਬਿੰਦ ਸਿੰਘ ਜੀ ਹੀ ਹੋਏ ਹਨ। ਗੁਰੂ ਸਾਹਿਬ ਨੇ ਸੰਸਾਰੀ ਜਾਮੇ ਵਿਚ ਵਿਚਰਦਿਆਂ ਮਨੁੱਖੀ ਅਧਿਕਾਰਾਂ, ਸਰਬ-ਸਾਂਝੀਵਾਲਤਾ, ਮਨੁੱਖੀ ਬਰਾਬਰੀ ਅਤੇ ਧਰਮ ਦੀ ਆਜ਼ਾਦੀ ਲਈ ਸੰਘਰਸ਼ ਕੀਤਾ ਜੋ ਰਹਿੰਦੀ ਦੁਨੀਆ ਤੱਕ ਮਨੁੱਖਤਾ ਲਈ ਪ੍ਰੇਰਨਾ-ਸਰੋਤ ਰਹੇਗਾ।

 

RELATED ARTICLES
POPULAR POSTS