ਬਲਬੀਰ ਸਿੰਘ ਰਾਜੇਵਾਲ ਨਾਲ ਸਬੰਧਤ ਪੰਜ ਕਿਸਾਨ ਜਥੇਬੰਦੀਆਂ ਦੀ ਸੰਯੁਕਤ ਕਿਸਾਨ ਮੋਰਚੇ ਵਿੱਚ ਵਾਪਸੀ
ਜਲੰਧਰ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਦੌਰਾਨ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਿਚਾਲੇ ਏਕਤਾ ਦਾ ਅਮਲ ਸਿਰੇ ਚੜ੍ਹ ਗਿਆ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਬਲਬੀਰ ਸਿੰਘ ਰਾਜੇਵਾਲ ਗਰੁੱਪ ਨਾਲ ਸਬੰਧਤ ਪੰਜ ਜਥੇਬੰਦੀਆਂ ਨਾਲ ਸਾਂਝੀ ਮੀਟਿੰਗ ਵਿੱਚ ਇਹ ਪੰਜ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚੇ ਵਿੱਚ ਮੁੜ ਸ਼ਾਮਲ ਹੋ ਗਈਆਂ ਹਨ।
ਜਲੰਧਰ ‘ਚ ਮੀਟਿੰਗ ਦੀ ਪ੍ਰਧਾਨਗੀ ਬੂਟਾ ਸਿੰਘ ਬੁਰਜਗਿੱਲ, ਡਾ. ਸਤਨਾਮ ਸਿੰਘ ਅਜਨਾਲਾ ਅਤੇ ਹਰਜਿੰਦਰ ਸਿੰਘ ਟਾਂਡਾ ਨੇ ਕੀਤੀ। ਇਸ ਦੌਰਾਨ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਮਾਨਸਾ, ਕਿਸਾਨ ਸੰਘਰਸ਼ ਕਮੇਟੀ (ਕੰਵਲਪ੍ਰੀਤ ਸਿੰਘ ਪੰਨੂ), ਆਜ਼ਾਦ ਕਿਸਾਨ ਸੰਘਰਸ਼ ਕਮੇਟੀ (ਹਰਜਿੰਦਰ ਟਾਂਡਾ), ਆਲ ਇੰਡੀਆ ਕਿਸਾਨ ਫੈਡਰੇਸ਼ਨ (ਪ੍ਰੇਮ ਸਿੰਘ ਭੰਗੂ) ਦੇ ਆਗੂਆਂ ਨੇ ਅੱਗੇ ਤੋਂ ਚੋਣਾਂ ਨਾ ਲੜਨ ‘ਤੇ ਸਹਿਮਤੀ ਜਤਾਈ ਹੈ।
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਮਗਰੋਂ ਸੰਯੁਕਤ ਕਿਸਾਨ ਮੋਰਚਾ ਵਿੱਚ ਆਈ ਤਰੇੜ ਪਿੱਛੋਂ ਮੋਰਚੇ ਨੇ ਜਥੇਬੰਦੀਆਂ ਨੂੰ ਸੰਚਾਲਿਤ ਕਰਨ ਲਈ ਨੌ-ਨੁਕਾਤੀ ਦਿਸ਼ਾ ਨਿਰਦੇਸ਼ ਬਣਾਏ ਸਨ ਅਤੇ ਇਸ ਮੀਟਿੰਗ ਵਿੱਚ ਪੰਜ ਕਿਸਾਨ ਜਥੇਬੰਦੀਆਂ ਨੇ ਅੱਗੇ ਤੋਂ ਇਨ੍ਹਾਂ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ। ਇਸ ਦੌਰਾਨ ਪੰਜ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿੱਚ ਪਾਣੀ ਦੇ ਮੁੱਦੇ ‘ਤੇ ਲੱਗਣ ਵਾਲੇ ਮੋਰਚੇ ਨੂੰ ਕਿਸਾਨ ਜਥੇਬੰਦੀਆਂ ਦੀ ਅਪੀਲ ‘ਤੇ ਮੁਲਤਵੀ ਕਰ ਦਿੱਤਾ ਗਿਆ ਸੀ। ਕਿਸਾਨਾਂ ਦੀਆਂ ਮੰਗਾਂ ਸਮੇਤ ਪਾਣੀ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਅਗਲੀ ਰਣਨੀਤੀ ਬਣਾਉਣ ਲਈ 28 ਜਨਵਰੀ ਨੂੰ ਚੰਡੀਗੜ੍ਹ ਵਿੱਚ ਮੁੜ ਮੀਟਿੰਗ ਸੱਦੀ ਗਈ ਹੈ।
ਮੀਟਿੰਗ ਵਿੱਚ ਬਲਬੀਰ ਸਿੰਘ ਰਾਜੇਵਾਲ, ਹਰਮੀਤ ਸਿੰਘ ਕਾਦੀਆਂ, ਰੁਲਦੂ ਸਿੰਘ ਮਾਨਸਾ, ਸਤਨਾਮ ਸਿੰਘ ਸਾਹਨੀ, ਪਰਮਿੰਦਰ ਸਿੰਘ ਪਾਲ ਮਾਜਰਾ, ਅਵਤਾਰ ਸਿੰਘ ਮੇਹਲੋ, ਰਾਮਿੰਦਰ ਸਿੰਘ ਪਟਿਆਲਾ, ਮਨਜੀਤ ਸਿੰਘ ਧਨੇਰ, ਬਲਦੇਵ ਸਿੰਘ ਨਿਹਾਲਗੜ੍ਹ, ਸਤਨਾਮ ਸਿੰਘ ਬਹਿਰੂ, ਪ੍ਰੇਮ ਸਿੰਘ ਭੰਗੂ, ਕੰਵਲਪ੍ਰੀਤ ਸਿੰਘ ਪੰਨੂ ਤੇ ਹੋਰ ਹਾਜ਼ਰ ਸਨ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …