Breaking News
Home / ਪੰਜਾਬ / ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ‘ਤੇ ਵੀ ਭ੍ਰਿਸ਼ਟਾਚਾਰ ਦੇ ਆਰੋਪ

‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ‘ਤੇ ਵੀ ਭ੍ਰਿਸ਼ਟਾਚਾਰ ਦੇ ਆਰੋਪ

ਪੰਜਾਬ ਦੇ ਲੋਕਪਾਲ ਵਲੋਂ ਵਿਧਾਇਕਾ ਨੂੰ ਸੰਮਣ – 16 ਫਰਵਰੀ ਨੂੰ ਪੇਸ਼ੀ
ਚੰਡੀਗੜ੍ਹ : ਮੋਗਾ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ‘ਤੇ ਵੀ ਭ੍ਰਿਸ਼ਟਾਚਾਰ ਦੇ ਆਰੋਪ ਲੱਗ ਚੁੱਕੇ ਹਨ। ਇਸਦੇ ਚੱਲਦਿਆਂ ਪੰਜਾਬ ਦੇ ਲੋਕਪਾਲ ਜਸਟਿਸ ਵਿਨੋਦ ਕੁਮਾਰ ਸ਼ਰਮਾ ਦੀ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਤੇ ਹੋਰਾਂ ਨੂੰ ਪੁੱਛਗਿੱਛ ਲਈ 16 ਫਰਵਰੀ 2024 ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਤਲਬ ਕੀਤਾ ਹੈ। ਵਿਧਾਇਕਾ ਖੁਦ ਜਾਂ ਆਪਣੇ ਵਕੀਲ ਰਾਹੀਂ ਵੀ ਪਹੁੰਚ ਕਰ ਸਕਦੇ ਹਨ। ਜਿਸ ਵਿਅਕਤੀ ਨੇ ਵਿਧਾਇਕਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ ਉਹ ਵਿਧਾਇਕਾ ਦਾ ਸਾਬਕਾ ਪੀਏ ਹੋਣ ਦਾ ਦਾਅਵਾ ਕਰ ਰਿਹਾ ਹੈ। ਜਦੋਂ ਕਿ ਵਿਧਾਇਕਾ ਦਾ ਕਹਿਣਾ ਹੈ ਕਿ ਉਹ ਕਦੇ ਵੀ ਉਸਦਾ ਪੀਏ ਨਹੀਂ ਰਿਹਾ। ਮੀਡੀਆ ਰਿਪੋਰਟ ਮੁਤਾਬਕ ਹਰਸ਼ ਨਾਮ ਦੇ ਵਿਅਕਤੀ ਵੱਲੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਗੰਭੀਰ ਆਰੋਪ ਲਗਾਏ ਗਏ ਹਨ। ਲੋਕ ਪਾਲ ਵੱਲੋਂ ਜਾਰੀ ਸੰਮਨ ਵਿਚ ਸ਼ਿਕਾਇਤਕਰਤਾ ਵੱਲੋਂ ਸਰਕਾਰੀ ਜ਼ਮੀਨਾਂ ਉੱਤੇ ਕਬਜ਼ਾ, ਭ੍ਰਿਸ਼ਟਾਚਾਰ, ਬੇਨਾਮੀ ਜਾਇਦਾਦ ਇਕੱਠੀ ਕਰਨ ਅਤੇ ਧਰਮਕੋਟ ਦੇ ਮਾਲ ਪਟਵਾਰੀ ਨੂੰ ਬਲੈਕਮੇਲ ਕਰਕੇ 25 ਲੱਖ ਰੁਪਏ ਲੈਣ ਵਰਗੇ ਗੰਭੀਰ ਆਰੋਪ ਲਾਏ ਗਏ ਹਨ।
ਸਾਜਿਸ਼ ਤਹਿਤ ਬਦਨਾਮ ਕੀਤਾ ਜਾ ਰਿਹੈ : ਡਾ. ਅਮਨਦੀਪ ਕੌਰ ਅਰੋੜਾ
ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਗਿਣੀ ਮਿਥੀ ਸਾਜਿਸ਼ ਤਹਿਤ ਉਨ੍ਹਾਂ ਦਾ ਸਿਆਸੀ ਭਵਿੱਖ ਖਰਾਬ ਕਰਨ ਲਈ ਕਥਿਤ ਝੂਠੀਆਂ ਸ਼ਿਕਾਇਤਾਂ ਕੀਤੀਆਂ ਗਈਆਂ ਹਨ ਤੇ ਜਾਂਚ ਕਰਵਾਉਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ਉੱਤੇ ਵੀ ਵੀਡੀਓਜ਼ ਵਾਇਰਲ ਕੀਤੀਆਂ ਗਈਆਂ ਹਨ। ਉਹ ਪਹਿਲਾਂ ਹੀ ਸਾਰਾ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿਚ ਲਿਆ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸ਼ਿਕਾਇਤਾਕਰਤਾ ਨੂੰ ਕਦੇ ਵੀ ਆਪਣਾ ਪੀਏ ਨਹੀਂ ਰੱਖਿਆ ਸਗੋਂ ਉਸ ਨੇ ਪੀਏ ਹੋਣ ਦੀ ਗਲਤ ਵਰਤੋਂ ਕੀਤੀ। ਉਹ ਆਮ ਪਾਰਟੀ ਵਰਕਰ ਵਾਂਗ ਉਨ੍ਹਾਂ ਦੇ ਘਰ ਆਉਂਦਾ ਜਾਂਦਾ ਸੀ।
‘ਆਪ’ ਦੇ ਕਈ ਵਿਧਾਇਕਾਂ ਖਿਲਾਫ ਮਾਮਲੇ ਦਰਜ
ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਖਿਲਾਫ ਵੱਖ-ਵੱਖ ਮਾਮਲਿਆਂ ਵਿਚ ਮਾਮਲੇ ਦਰਜ ਹੋ ਚੁੱਕੇ ਹਨ। ਸਭ ਤੋਂ ਪਹਿਲਾਂ ਮਾਨਸਾ ਤੋਂ ‘ਆਪ’ ਵਿਧਾਇਕ ਤੇ ਕੈਬਨਿਟ ਮੰਤਰੀ ਵਿਜੇ ਸਿੰਗਲਾ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਘਿਰੇ ਸਨ ਤੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ। ਇਸ ਤੋਂ ਬਾਅਦ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੀ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਘਿਰੇ ਅਤੇ ਉਨ੍ਹਾਂ ਕੋਲੋਂ ਵੀ ਮੰਤਰੀ ਦਾ ਅਹੁਦਾ ਵਾਪਸ ਲੈ ਲਿਆ ਗਿਆ ਸੀ। ਬਠਿੰਡਾ ਤੋਂ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਅਤੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਵੀ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਘਿਰ ਚੁੱਕੇ ਹਨ। ਜਗਰਾਉਂ ਤੋਂ ‘ਆਪ’ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਖਿਲਾਫ ਵੀ ਭ੍ਰਿਸ਼ਟਾਚਾਰ ਦੇ ਆਰੋਪ ਲੱਗ ਚੁੱਕੇ ਹਨ। ਇਸੇ ਤਰ੍ਹਾਂ ਮੰਤਰੀ ਅਮਨ ਅਰੋੜਾ ਅਤੇ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਵੱਖ-ਵੱਖ ਮਾਮਲਿਆਂ ‘ਚ ਘਿਰੇ ਹੋਏ ਹਨ।

 

Check Also

ਜਗਜੀਤ ਸਿੰਘ ਡੱਲੇਵਾਲ ਘਰ ’ਚ ਨਜ਼ਰਬੰਦ

ਬਠਿੰਡਾ/ਬਿਊਰੋ ਨਿਊਜ਼ : ਕਿਸਾਨ ਆਗੂ ਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ …