ਟੋਲ ਪਲਾਜ਼ਿਆਂ ’ਤੇ ਤਿੰਨ ਘੰਟੇ ਬਿਨਾ ਟੈਕਸ ਦਿੱਤਿਆਂ ਲੰਘਦੀਆਂ ਰਹੀਆਂ ਗੱਡੀਆਂ
ਚੰਡੀਗੜ੍ਹ/ਬਿਊੂਰੋ ਨਿਊਜ਼ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਕੌਮੀ ਇਨਸਾਫ਼ ਮੋਰਚਾ ਅਤੇ ਕਿਸਾਨ ਸੰਗਠਨਾਂ ਵੱਲੋਂ ਪੰਜਾਬ ਦੇ 13 ਟੋਲ ਪਲਾਜ਼ਿਆਂ ’ਤੇ 3 ਘੰਟਿਆਂ ਲਈ ਧਰਨਾ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ’ਤੇ ਤਿੰਨ ਘੰਟੇ ਸਾਰੀਆਂ ਗੱਡੀਆਂ ਬਿਨਾ ਟੈਕਸ ਦਿੱਤਿਆਂ ਗੁਜਰਦੀਆਂ ਰਹੀਆਂ ਹਨ। ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਸਾਰੇ ਟੋਲ ਪਲਾਜ਼ਿਆਂ ਦੇ ਕਰਮਚਾਰੀ ਆਪਣੀਆਂ ਡਿਊਟੀਆਂ ’ਤੇ ਤਾਇਨਾਤ ਰਹੇ। ਇਸ ਮੌਕੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਇਕ ਸਾਲ ਤੋਂ ਪੰਜਾਬ-ਚੰਡੀਗੜ੍ਹ ਬਾਰਡਰ ’ਤੇ ਉਨ੍ਹਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ ਪ੍ਰੰਤੂ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਉਚਿਤ ਕਦਮ ਨਹੀਂ ਚੁੱਕਿਆ ਗਿਆ। ਇਸ ਤੋਂ ਬਾਅਦ ਹੁਣ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚੇ ਵੱਲੋਂ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਵੀ ਕੀਤਾ ਗਿਆ। ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਅਤੇ ਪੰਜਾਬ ਸਰਕਾਰ ਸਾਡੀਆਂ ਮੰਗਾਂ ਨੂੰ ਨਹੀਂ ਮੰਨ ਲੈਂਦੀ ਇਹ ਸੰਘਰਸ਼ ਇਸੇ ਤਰ੍ਹਾਂ ਚਲਦਾ ਰਹੇ ਅਤੇ ਆਉਣ ਵਾਲੇ ਸਮੇਂ ’ਚ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।