ਕਾਂਗਰਸ ਹਾਈਕਮਾਨ ਦੇ ਫੈਸਲੇ ਨਾਲ ਪ੍ਰਗਟਾਈ ਸਹਿਮਤੀ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਦੀਆਂ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਸੁਰ ਕੁਝ ਨਰਮ ਪੈ ਗਏ ਹਨ। ਪੰਜਾਬ ਵਿਚ ਭਾਜਪਾ ਨੂੰ ਹਰਾਉਣ ਲਈ ਕਾਂਗਰਸ ਤੇ ‘ਆਪ’ ਦੇ ਗੱਠਜੋੜ ਬਾਰੇ ਬਾਜਵਾ ਨੇ ਕਿਹਾ ਕਿ ਉਹ ਕਾਂਗਰਸ ਹਾਈਕਮਾਨ ਦੇ ਫ਼ੈਸਲੇ ਨਾਲ ਸਹਿਮਤ ਹਨ ਅਤੇ ਸਾਰੇ ਕਾਂਗਰਸੀ ਵਰਕਰ ਇਸ ਮੁੱਦੇ ’ਤੇ ਆਪਣੀ ਪਾਰਟੀ ਨਾਲ ਚੱਟਾਨ ਵਾਂਗ ਖੜ੍ਹੇ ਹਨ। ਇਸ ਤੋਂ ਸਪੱਸ਼ਟ ਹੈ ਕਿ ਗੱਠਜੋੜ ਬਾਰੇ ਬਾਜਵਾ ਦੇ ਸੁਰ ਹੁਣ ਨਰਮ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਉਹ ਗੱਠਜੋੜ ਦਾ ਡਟ ਕੇ ਵਿਰੋਧ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਾ ਕੋਈ ਵਜੂਦ ਨਹੀਂ ਹੈ। ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕਦਿਆਂ ਇਹ ਵੀ ਕਿਹਾ ਕਿ ‘ਆਪ’ ਸਰਕਾਰ ਸੂਬੇ ਦੇ ਨਿਵੇਸ਼ ਅਤੇ ਆਰਥਿਕ ਵਿਕਾਸ ਬਾਰੇ ਗ਼ਲਤ ਜਾਣਕਾਰੀ ਦੇ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਬਾਜਵਾ ਨੇ ਕਿਹਾ ਕਿ ਤਾਜ਼ਾ ਅਧਿਐਨ ਅਨੁਸਾਰ ‘ਆਪ’ ਸਰਕਾਰ ਦੇ ਪਹਿਲੇ ਵਿੱਤੀ ਸਾਲ (2022-23) ਦੌਰਾਨ ਸੂਬੇ ਵਿੱਚ ਨਿਵੇਸ਼ ਵਿੱਚ 85 ਫੀਸਦ ਤੋਂ ਵੱਧ ਦੀ ਗਿਰਾਵਟ ਦਰਜ ਹੋਈ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ‘ਆਪ’ ਸਰਕਾਰ ਬਦਲੇ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਦਲੇ ਦੀ ਭਾਵਨਾ ਕਾਰਨ ਸਰਕਾਰ ਵਲੋਂ ਕਾਂਗਰਸੀ ਆਗੂਆਂ ਨੂੰ ਝੂਠੇ ਕੇਸ ਪਾ ਕੇ ਜੇਲ੍ਹ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਹਰ ਪੱਖ ਤੋਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਦਲਾਅ ਦਾ ਨਾਆਰਾ ਦੇ ਕੇ ਆਈ ਇਸ ਸਰਕਾਰ ਦੇ ਰਾਜ ਵਿੱਚ ਨਾਜਾਇਜ਼ ਖਣਨ ਜ਼ੋਰਾਂ ’ਤੇ ਹੈ, ਜਦਕਿ ਵਿਦੇਸ਼ਾਂ ਵੱਲ ਜਾ ਰਹੇ ਨੌਜਵਾਨਾਂ ਨੂੰ ਰੋਕਣ ਵਿੱਚ ਵੀ ਸਰਕਾਰ ਅਸਫਲ ਸਾਬਤ ਹੋਈ ਹੈ।