ਜਲੰਧਰ/ਬਿਊਰੋ ਨਿਊਜ਼
ਪੰਜਾਬ ਵਿਚ ਸਰਕਾਰੀ ਬੱਸਾਂ ’ਚ ਸਫਰ ਕਰਨਾ ਭਲਕੇ 23 ਜਨਵਰੀ ਤੋਂ ਹੋਰ ਵੀ ਮੁਸ਼ਕਲ ਹੋ ਜਾਵੇਗਾ। ਮੁਲਾਜ਼ਮ ਯੂਨੀਅਨਾਂ ਨੇ ਐਲਾਨ ਕਰ ਦਿੱਤਾ ਹੈ ਕਿ ਬੱਸਾਂ ਵਿਚ ਜਿੰਨੀਆਂ ਸੀਟਾਂ ਹਨ, ਓਨੀਆਂ ਹੀ ਸਵਾਰੀਆਂ ਬਿਠਾਈਆਂ ਜਾਣਗੀਆਂ। ਕੇਂਦਰ ਸਰਕਾਰ ਵਲੋਂ ਬਣਾਏ ਗਏ ਹਿੱਟ ਐਂਡ ਰਨ ਕਾਨੂੰਨ ਕਾਰਨ ਸਰਕਾਰੀ ਬੱਸਾਂ ਦੇ ਕਾਮਿਆਂ ਨੇ ਇਸ ਖਿਲਾਫ ਆਵਾਜ਼ ਬੁਲੰਦ ਕਰਦਿਆਂ ਰੋਸ ਪ੍ਰਦਰਸ਼ਨ ਕੀਤੇ ਹਨ। ਯੂਨੀਅਨ ਆਗੂਆਂ ਨੇ ਕਿਹਾ ਹੈ ਕਿ ਹਿੱਟ ਐਂਡ ਰਨ ਕਾਨੂੰਨ ਦੇ ਕਾਰਨ ਉਹ ਕੋਈ ਜੋਖਮ ਨਹੀਂ ਉਠਾਉਣਾ ਚਾਹੁੰਦੇ। ਕਿਉਂਕਿ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਇਸ ਕਰਕੇ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੇ ਚੱਲਦਿਆਂ ਪੰਜਾਬ ਰੋਡਵੇਜ਼/ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਸਮੂਹ ਪੰਜਾਬ ਦੇ ਡਿਪੂਆਂ ਤੇ ਗੇਟ ਰੈਲੀਆਂ ਕਰਦੇ ਹੋਏ, ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਸੂਬਾ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਯੂਨੀਅਨ ਆਗੂਆਂ ਨੇ ਕਿਹਾ ਕਿ 26 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਕਾਲੇ ਝੋਲੇ ਪਾ ਕੇ ਤੇ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕੀਤੇ ਜਾਣਗੇ।