ਕਿਹਾ : ਪ੍ਰੋਫੈਸਰ ਭੁੱਲਰ ਦੀ ਰਿਹਾਈ ਮਾਮਲੇ ’ਚ ਕੇਜਰੀਵਾਲ ਸਰਕਾਰ ਦਾ ਚਿਹਰਾ ਹੋਇਆ ਬੇਨਕਾਬ
ਪਟਿਆਲਾ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੇਲ੍ਹ ’ਚ ਨਜ਼ਰਬੰਦ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਵੱਲੋਂ ਪ੍ਰੋਫੈਸਰ ਭੁੱਲਰ ਦੀ ਰੈਗੂਲਰ ਜ਼ਮਾਨਤ ਵਾਲੀ ਫਾਈਲ ਨੂੰ ਦਰ ਕਿਨਾਰ ਕਰਨਾ ਕੇਜਰੀਵਾਲ ਦੀਆਂ ਸਿੱਖ ਵਿਰੋਧੀ ਨੀਤੀਆਂ ਦਾ ਜਿਊਂਦਾ ਜਾਗਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਸਿਆਸੀ ਹਿਤਾਂ ਲਈ ਪੰਜਾਬ ਵਿਚ ਆ ਕੇ ਲੋਕਾਂ ਨੂੰ ਗੁੰਮਰਾਹ ਕਰਦੇ ਹਨ। ਐਡਵੋਕੇਟ ਧਾਮੀ ਨੇ ਅੱਗੇ ਕਿਹਾ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਚ ਲਏ ਗਏ ਯੂ ਟਰਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਲੋਕ ਸਿਆਸੀ ਹਿਤਾਂ ਖਾਤਰ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦੇ ਹਨ, ਜਿਨ੍ਹਾਂ ਨੂੰ ਪੰਜਾਬ ਦੇ ਲੋਕ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਅਤੇ ਕੇਂਦਰ ਸਰਕਾਰ ਨੇ ਸਿੱਖਾਂ ਦੇ ਮਸਲਿਆਂ ਪ੍ਰਤੀ ਸਿਰਫ ਮਖੌਟਾ ਪਹਿਨਿਆ ਹੋਇਆ ਹੈ ਪ੍ਰੰਤੂ ਇਹ ਸਰਕਾਰਾਂ ਸਿੱਖਾਂ ਦੇ ਮਸਲਿਆਂ ਪ੍ਰਤੀ ਕਦੇ ਵੀ ਗੰਭੀਰ ਨਹੀਂ ਹੋਈਆਂ।