ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਜਿਸ ਵਿਚ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਗਏ। ਕੈਬਨਿਟ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਿਹੜੇ ਰਾਸ਼ਨ ਕਾਰਡ ਵੱਖ-ਵੱਖ ਕਾਰਨਾਂ ਕਰਕੇ ਕੱਟ ਦਿੱਤੇ ਸਨ ਉਨ੍ਹਾਂ ਸਾਰੇ ਰਾਸ਼ਨ ਕਾਰਡਾਂ ਨੂੰ ਪੰਜਾਬ ਸਰਕਾਰ ਨੇ ਮੁੜ ਤੋਂ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਕੱਟੇ ਗਏ ਇਨ੍ਹਾਂ ਰਾਸ਼ਨ ਕਾਰਡਾਂ ਦੀ ਗਿਣਤੀ 10 ਲੱਖ 77 ਹਜ਼ਾਰ ਸੀ ਜਿਨ੍ਹਾਂ ਨੂੰ ਹੁਣ ਮੁੜ ਤੋਂ ਬਹਾਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਜਲਦੀ ਹੀ ਰਾਸ਼ਨ ਦੀ ਡੋਰ ਸਟੈਪ ਡਿਲੀਵਰੀ ਸ਼ੁਰੂ ਕਰਨ ਜਾ ਰਹੀ ਹੈ, ਜਿਸ ਤਹਿਤ ਸਾਰੇ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਮਿਲੇਗਾ। ਇਸ ਤੋਂ ਇਲਾਵਾ ਕੈਬਨਿਟ ਮੀਟਿੰਗ ਦੌਰਾਨ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨੀਤੀ ਨੂੰ ਵੀ ਮਨਜ਼ੂਰੀ ਦਿੱਤੀ ਗਈ। ਜੇਕਰ ਕੋਈ ਅਧਿਆਪਕ ਕਿਸੇ ਗੰਭੀਰ ਬਿਮਾਰੀ ਤੋਂ ਪੀੜਤ ਹੈ ਤਾਂ ਉਹ ਸਾਲ ਭਰ ਛੁੱਟੀ ’ਤੇ ਰਹਿ ਸਕਦਾ ਹੈ ਅਤੇ ਅਜਿਹੇ ’ਚ ਉਹ ਆਪਣੇ ਨੇੜਲੇ ਸਕੂਲ ’ਚ ਬਦਲੀ ਵੀ ਕਰਵਾ ਸਕਦਾ ਹੈ। ਕੈਬਨਿਟ ਮੀਟਿੰਗ ਦੌਰਾਨ ਸ਼ਹੀਦ ਫੌਜੀਆਂ ਦੀਆਂ ਵਿਧਾਵਾਵਾਂ ਨੂੰ ਮਿਲਣ ਵਾਲੀ ਪੈਨਸ਼ਨ ਨੂੰ 6 ਹਜ਼ਾਰ ਤੋਂ ਵਧਾ ਕੇ 10 ਹਜ਼ਾਰ ਰੁਪਏ ਕਰਨ ਅਤੇ ਪੰਜਾਬ ਦੇ 15 ਸ਼ਹਿਰਾਂ ’ਚ ਯੋਗਸ਼ਾਲਾਵਾਂ ਖੋਲ੍ਹਣ ਦਾ ਫੈਸਲਾ ਵੀ ਕੀਤਾ ਗਿਆ।