ਕਿਹਾ : ਕਿਸੇ ਵੀ ਕੀਮਤ ’ਤੇ ‘ਆਪ’ ਨਹੀਂ ਹੋਵੇਗਾ ਗਠਜੋੜ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਨਾਲ ਕਾਂਗਰਸ ਪਾਰਟੀ ਦੇ ਚੋਣ ਗਠਜੋੜ ਦੇ ਸਵਾਲ ’ਤੇ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਰੜਾ ਜਵਾਬ ਦਿੱਤਾ ਹੈ। ਬਿੱਟੂੁ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਕਾਂਗਰਸ ਪਾਰਟੀ ਕਿਸੇ ਵੀ ਕੀਮਤ ’ਤੇ ਆਮ ਆਦਮੀ ਪਾਰਟੀ ਨਾਲ ਚੋਣ ਗਠਜੋੜ ਨਹੀਂ ਕਰੇਗੀ। ਬਿੱਟੂ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਨਿੱਜੀ ਲੜਾਈ ਨਹੀਂ ਹੈ ਅਤੇ ਨਾ ਹੀ ਉਹ ਕਦੇ ਵੀ ਕਿਸੇ ਦੇ ਪਰਿਵਾਰ ’ਤੇ ਦੂਸ਼ਣਬਾਜ਼ੀ ਕਰਦੇ ਹਨ। ਰਵਨੀਤ ਬਿੱਟੂ ਨੇ ਕਿਹਾ ਕਿ ਅਸੀਂ ਤਾਂ ਪੰਜਾਬ ਦੇ ਮੁੱਦਿਆਂ ਦੀ ਗੱਲ ਕਰਾਂਗੇ ਅਤੇ ਸਰਕਾਰ ਨੂੰ ਉਨ੍ਹਾਂ ਵਲੋਂ ਕੀਤੇ ਗਏ ਵਾਅਦੇ ਯਾਦ ਕਰਾਵਾਂਗੇ। ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਕਾਰਨਾਮੇ ਹੀ ਅਜਿਹੇ ਹਨ ਕਿ ਜਨਤਾ ਉਨ੍ਹਾਂ ਨੂੰ ਮੂੰਹ ਨਹੀਂ ਲਗਾ ਰਹੀ। ਧਿਆਨ ਰਹੇ ਕਿ ਇਹ ਹੁਣ ਸਾਫ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਚੋਣ ਗਠਜੋੜ ਨਹੀਂ ਹੋਵੇਗਾ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਕਹਿ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਆਪਣੇ ਦਮ ’ਤੇ ਲੋਕ ਸਭਾ ਚੋਣਾਂ ਲੜੇਗੀ ਅਤੇ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਜਿੱਤ ਵੀ ਹਾਸਲ ਕਰੇਗੀ। ਭਗਵੰਤ ਮਾਨ ਨੇ ਤਾਂ ਚੰਡੀਗੜ੍ਹ ਦੀ ਲੋਕ ਸਭਾ ਸੀਟ ਵੀ ਜਿੱਤਣ ਦਾ ਦਾਅਵਾ ਕੀਤਾ ਹੈ।