ਪੰਜਾਬ ਵਾਸੀਆਂ ਨੂੰ ਸਾਰੇ ਧਰਮਾਂ ਦੇ ਤਿਉਹਾਰ ਰਲ ਮਿਲ ਕੇ ਮਨਾਉਣ ਤੇ ਪੰਜਾਬ ਨੂੰ ਤਰੱਕੀ ਦੇ ਰਾਹ ਪਾਉਣ ਦਾ ਸੱਦਾ ਦਿੱਤਾ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਾਸੀਆਂ ਨੂੰ ਸਾਰੇ ਧਰਮਾਂ ਦੇ ਤਿਉਹਾਰ ਰਲ ਮਿਲ ਕੇ ਮਨਾਉਣ ਤੇ ਪੰਜਾਬ ਨੂੰ ਤਰੱਕੀ ਦੇ ਰਾਹ ਪਾਉਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਨੂੰ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕਰਨ ਵਾਲੀ ਪਾਰਟੀ ਦੱਸਦਿਆਂ ਕਿਹਾ ਕਿ ਸੰਸਦ ਚੋਣਾਂ ਦੌਰਾਨ ‘ਆਪ’ ਨੂੰ ਕਰਾਰਾ ਸਬਕ ਸਿਖਾਇਆ ਜਾਵੇਗਾ।
ਅਯੁੱਧਿਆ ਵਿੱਚ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਦੀ ਖੁਸ਼ੀ ਵਿੱਚ ਸਾਬਕਾ ਮੰਤਰੀ ਅਨਿਲ ਜੋਸ਼ੀ ਵੱਲੋਂ ਅੰਮ੍ਰਿਤਸਰ ‘ਚ ਕਰਵਾਏ ਗਏ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਪਹੁੰਚੇ ਸਨ। ਪ੍ਰਾਣ ਪ੍ਰਤਿਸ਼ਠਾ ਸਮਾਗਮ ਸਬੰਧੀ ਪੰਜਾਬ ਵਿੱਚ ਛੁੱਟੀ ਦਾ ਐਲਾਨ ਨਾ ਕਰਨ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸੇ ਦੀਆਂ ਭਾਵਨਾਵਾਂ ਅਤੇ ਸਮਾਜਿਕ ਕਦਰਾਂ ਕੀਮਤਾਂ ਦੀ ਕੋਈ ਪਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਹੁੰਦਿਆਂ ਸਾਰੇ ਧਰਮਾਂ ਦੇ ਦਿਨ ਤਿਉਹਾਰ ਭਾਈਚਾਰੇ ਨਾਲ ਮਿਲ ਕੇ ਮਨਾਉਂਦੇ ਸਨ। ਦੂਜੇ ਪਾਸੇ ਭਗਵੰਤ ਮਾਨ ਹੈਰੀਟੇਜ ਸਟਰੀਟ ‘ਤੇ ਗੁਰਬਾਣੀ ਦੇ ਪ੍ਰਸਾਰਣ ਲਈ ਲਾਈਆਂ ਸਕਰੀਨਾਂ ‘ਤੇ ਵੀ ਆਪਣੀਆਂ ਮਸ਼ਹੂਰੀਆਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਤੇ ਇਸ ਦੇ ਮੁੱਖ ਮੰਤਰੀ ਨੇ ਕਿਸਾਨਾਂ, ਨੌਜਵਾਨਾਂ, ਔਰਤਾਂ, ਗਰੀਬਾਂ, ਵਪਾਰੀਆਂ ਤੇ ਸਰਕਾਰੀ ਮੁਲਾਜ਼ਮਾਂ ਸਮੇਤ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ।
ਇਹੀ ਕਾਰਨ ਹੈ ਕਿ ਕਾਨੂੰਨ ਵਿਵਸਥਾ ਮੁਕੰਮਲ ਤੌਰ ‘ਤੇ ਢਹਿ-ਢੇਰੀ ਹੋ ਚੁੱਕੀ ਹੈ ਤੇ ਨਸ਼ਾ ਤਸਕਰੀ ਸਿਖ਼ਰਾਂ ‘ਤੇ ਹੈ। ਉਨ੍ਹਾਂ ਕਿਹਾ ਕਿ ‘ਆਪ’ ਵਿਧਾਇਕ ਖੁਦ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿਚਲੀਆਂ ਤਾਕਤਾਂ ਹਰਿਆਣਾ ਲਈ ਵੱਖਰੀ ਗੁਰਦੁਆਰਾ ਕਮੇਟੀ ਬਣਾ ਕੇ ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀਆਂ ਵਿੱਚ ਦਖਲ ਦੇ ਕੇ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰ ਰਹੀਆਂ ਹਨ। ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਹੀ ਸੂਬੇ ਨੂੰ ਮੁੜ ਤੇਜ਼ ਰਫ਼ਤਾਰ ਵਿਕਾਸ, ਸ਼ਾਂਤੀ ਤੇ ਖੁਸ਼ਹਾਲੀ ਦੇ ਰਾਹ ‘ਤੇ ਲਿਆ ਸਕਦਾ ਹੈ। ਇਸ ਮਗਰੋਂ ਉਨ੍ਹਾਂ ਬਾਬਾ ਜੀਵਨ ਸਿੰਘ ਦੀ ਯਾਦ ਵਿੱਚ ਕਰਵਾਏ ਇੱਕ ਸਮਾਗਮ ਵਿੱਚ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੂੰ ਕੰਗਾਲੀ ਵੱਲ ਲਿਜਾ ਰਹੇ ਹਨ ਤੇ ‘ਆਪ’ ਦੇ ਕਨਵੀਨਰ ਦੇ ਚਾਰਟਡ ਜਹਾਜ਼ ਵਰਗੀਆਂ ਸਹੂਲਤਾਂ ਲਈ ਸਰਕਾਰੀ ਫੰਡਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …