ਭਲਕੇ 30 ਜਨਵਰੀ ਨੂੰ ਪੇਸ਼ ਲਈ ਭੇਜਿਆ ਨੋਟਿਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਭਾਜਪਾ ਦੇ ਸੀਨੀਅਰ ਆਗੂ ਅਤੇ ਦੋ ਵਾਰ ਵਿਧਾਇਕ ਰਹੇ ਅਰਵਿੰਦ ਖੰਨਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਇੱਕ ਮਾਮਲੇ ਵਿੱਚ ਤਲਬ ਕੀਤਾ ਹੈ। ਧਿਆਨ ਰਹੇ ਕਿ ਅਰਵਿੰਦ ਖੰਨਾ ਕਾਂਗਰਸ ਪਾਰਟੀ ਵਲੋਂ ਦੋ ਵਾਰ ਵਿਧਾਇਕ ਰਹੇ ਹਨ ਅਤੇ ਹੁਣ ਉਹ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ। ਮੀਡੀਆ ਦੀ ਰਿਪੋਰਟ ਮੁਤਾਬਕ ਅਰਵਿੰਦ ਖੰਨਾ ਨੂੰ 30 ਜਨਵਰੀ ਨੂੰ ਈਡੀ ਨੇ ਤਲਬ ਕੀਤਾ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਜਨਵਰੀ 2022 ਵਿੱਚ ਕਾਂਗਰਸ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਅਰਵਿੰਦ ਖੰਨਾ ਇਸ ਸਮੇਂ ਭਾਜਪਾ ਦੀ ਪੰਜਾਬ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਹਨ। ਜਾਣਕਾਰੀ ਅਨੁਸਾਰ ਅਰਵਿੰਦ ਖੰਨਾ ਨੂੰ ਸਭ ਤੋਂ ਪਹਿਲਾਂ 6 ਜਨਵਰੀ ਨੂੰ ਸੰਮਨ ਜਾਰੀ ਕਰਕੇ 15 ਜਨਵਰੀ ਨੂੰ ਏਜੰਸੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਅਰਵਿੰਦ ਖੰਨਾ ਨੂੰ ਇਹ ਸੰਮਨ ਈਡੀ ਦੇ ਸਹਾਇਕ ਡਾਇਰੈਕਟਰ ਵੱਲੋਂ ਜਾਰੀ ਕੀਤੇ ਗਏ ਸਨ। ਇਸ ਤੋਂ ਬਾਅਦ ਈਡੀ ਨੇ ਅਰਵਿੰਦ ਖੰਨਾ ਨੂੰ ਇਹ ਦੂਜਾ ਨੋਟਿਸ ਜਾਰੀ ਕੀਤਾ ਹੈ ਅਤੇ ਭਲਕੇ 30 ਜਨਵਰੀ ਨੂੰ ਪੇਸ਼ ਹੋਣ ਲਈ ਆਖਿਆ ਗਿਆ ਹੈ।