ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਪੇਸ਼ਗੀ ਜ਼ਮਾਨਤ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਗਿਆ ਹੈ। ਖਹਿਰਾ ਦੀ ਮੰਗ ਹੈ ਕਿ ਜੇਕਰ ਸਰਕਾਰ ਉਨ੍ਹਾਂ ਨੂੰ ਕਿਸੇ ਹੋਰ ਮਾਮਲੇ ’ਚ ਨਾਮਜ਼ਦ ਕਰਨਾ ਚਾਹੁੰਦੀ ਹੋਵੇ ਤਾਂ ਉਨ੍ਹਾਂ ਨੂੰ ਪਹਿਲਾਂ ਸੱਤ ਦਿਨ ਦਾ ਨੋਟਿਸ ਦਿੱਤਾ ਜਾਵੇ। ਖਹਿਰਾ ਨੇ ਆਪਣੀ ਪਟੀਸ਼ਨ ’ਚ ਕਿਹਾ ਹੈ ਕਿ ਪੰਜਾਬ ਸਰਕਾਰ ਸਿਆਸੀ ਰੰਜਿਸ਼ ਤਹਿਤ ਉਨ੍ਹਾਂ ਨੂੰ ਲਗਾਤਾਰ ਪਰੇਸ਼ਾਨ ਕਰ ਰਹੀ ਹੈ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਹੋਰ ਮਾਮਲਿਆਂ ’ਚ ਜ਼ਮਾਨਤ ਮਿਲ ਚੁੱਕੀ ਹੈ, ਪਰ ਇਸਦੇ ਬਾਵਜੂਦ ਉਨ੍ਹਾਂ ਨੂੰ ਸ਼ੱਕ ਹੈ ਕਿ ਸਰਕਾਰ ਦੁਬਾਰਾ ਕਿਸੇ ਹੋਰ ਮਾਮਲੇ ’ਚ ਝੂਠਾ ਪਰਚਾ ਦਰਜ ਕਰ ਕੇ ਉਨ੍ਹਾਂ ਨੂੰ ਫਸਾ ਸਕਦੀ ਹੈ। ਖਹਿਰਾ ਦੀ ਇਸ ਪਟੀਸ਼ਨ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 13 ਫਰਵਰੀ ਤੱਕ ਜਵਾਬ ਮੰਗਿਆ ਹੈ। ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਡਰੱਗ ਤਸਕਰੀ ਅਤੇ ਇਕ ਹੋਰ ਮਾਮਲੇ ਵਿਚ ਜੇਲ੍ਹ ’ਚ ਸਨ ਅਤੇ ਹੁਣ ੳਨ੍ਹਾਂ ਨੂੰ ਜ਼ਮਾਨਤ ਮਿਲ ਚੁੱਕੀ ਹੈ।