ਕਿਹਾ : ਪੰਜਾਬ ਸਰਕਾਰ ਵੱਲੋਂ ਸਾਡੇ ਮੌਲਿਕ ਅਧਿਕਾਰਾਂ ਦਾ ਕੀਤਾ ਜਾ ਰਿਹਾ ਹੈ ਕਤਲ
ਚੰਡੀਗੜ੍ਹ/ਬਿਊਰੋ ਨਿਊਜ਼ : ਸੰਗਰੂਰ ਤੋਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਘਰ ’ਚ ਨਜ਼ਰਬੰਦ ਕਰਨ ਦੀ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਖਹਿਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਜਮਹੂਰੀਅਤ ਅਤੇ ਸੰਵਿਧਾਨ ਵਿਚ ਦਰਜ ਸਾਡੇ ਮੌਲਿਕ ਅਧਿਕਾਰਾਂ ਦਾ ਕਤਲ ਕੀਤਾ ਜਾ ਰਿਹਾ ਹੈ। ਖਹਿਰਾ ਨੇ ਅੱਗੇ ਕਿਹਾ ਕਿ ਹੁਣ ਸਾਨੂੰ ਪੰਜਾਬ ਸਰਕਾਰ ਦੇ ਗਲਤ ਫ਼ੈਸਲਿਆਂ ਦਾ ਵਿਰੋਧ ਕਰਨ ਦੀ ਵੀ ਆਗਿਆ ਨਹੀਂ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਤੰਜ ਕਸਦਿਆਂ ਕਿਹਾ ਕਿ ਪੰਜਾਬ ਵੀ ਹੁਣ ਪਾਕਿਸਤਾਨ ਵਾਂਗ ਫੌਜੀ ਅਤੇ ਪੁਲਿਸ ਰਾਜ ਬਣ ਗਿਆ ਹੈ। ਜ਼ਿਕਰਯੋਗ ਹੈ ਕਿ ਸ਼ੋਸਲ ਮੀਡੀਆ ਦੇ ਚਰਚਿਤ ਚਿਹਰੇ ਭਾਨਾ ਸਿੱਧੂ ਨੂੰ ਰਿਹਾਅ ਕਰਵਾਉਣ ਲਈ ਸਿਮਰਨਜੀਤ ਸਿੰਘ ਮਾਨ ਵੱਲੋਂ ਅੱਜ ਧੂਰੀ ਦੇ ਰੇਲਵੇ ਫਾਟਕਾਂ ’ਤੇ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ ਪ੍ਰੰਤੂ ਉਸ ਤੋਂ ਪਹਿਲਾਂ ਹੀ ਪੁਲਿਸ ਨੇ ਸਿਮਰਨਜੀਤ ਸਿੰਘ ਮਾਨ ਨੂੰ ਰੋਸ ਧਰਨੇ ਵਿਚ ਜਾਣ ਤੋਂ ਰੋਕਣ ਲਈ ਉਨ੍ਹਾਂ ਨੂੰ ਘਰ ’ਚ ਨਜ਼ਰਬੰਦ ਕਰ ਦਿੱਤਾ।