ਗੁਰਦੁਆਰਾ ਸ੍ਰੀ ਅਕਾਲ ਬੁੰਗਾ ਗੋਲੀ ਕਾਂਡ ਦੇ ਦੋਸ਼ੀਆਂ ਖਿਲਾਫ਼ ਐਸਜੀਪੀਸੀ ਕਰੇਗੀ ਕਾਨੂੰਨੀ ਕਾਰਵਾਈ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਸ਼ੋ੍ਰਮਣੀ ਕਮੇਟੀ ਦਾ ਜਨਰਲ ਇਜਲਾਸ ਹੋਇਆ। ਇਜਲਾਸ ਦੌਰਾਨ ਗੁਰਦੁਆਰਾ ਅਕਾਲ ਬੁੰਗਾ ਗੋਲੀਕਾਂਡ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਵਾਲਾ ਮਤਾ ਪਾਸ ਕੀਤਾ ਗਿਆ ਹੈ। ਇਜਲਾਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪਾਸ ਕੀਤੇ ਗਏ ਮਤਿਆਂ ’ਚ, ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਵਾਪਰੀ ਗੋਲੀਕਾਂਡ ਦੀ ਘਟਨਾ ਦੌਰਾਨ ਹੋਈ ਮਰਿਆਦਾ ਦੀ ਉਲੰਘਣਾ ਦੇ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰਨਾਂ ਦੋਸ਼ੀਆਂ ਖਿਲਾਫ਼ ਪਰਚਾ ਦਰਜ ਕਰਨ ਅਤੇ ਇਸ ਸਬੰਧੀ ਜਲਦੀ ਹੀ ਸ਼ੋ੍ਰਮਣੀ ਦੇ ਇਕ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ ਕਰਨ ਦਾ ਵੀ ਮਤਾ ਪਾਸ ਕੀਤਾ ਗਿਆ। ਐਡਵੋਕੇਟ ਧਾਮੀ ਨੇ ਅੱਗੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਗੁਰਦੁਆਰਾ ਅਕਾਲ ਬੰਗਾ ਸਾਹਿਬ ਵਿਖੇ ਵਾਪਰੇ ਗੋਲੀਕਾਂਡ ਮਾਮਲੇ ’ਚ ਦੋਸ਼ੀਆਂ ਖਿਲਾਫ ਜਲਦੀ ਕਾਰਵਾਈ ਨਾ ਕੀਤਾ ਤਾਂ ਸ਼ੋ੍ਰਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਜਲਦੀ ਹੀ ਵਿਸ਼ਾਲ ਪੰਥਕ ਇਕੱਠ ਕਰਕੇ ਪੰਜਾਬ ਸਰਕਾਰ ਖਿਲਾਫ਼ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਜਾਵੇਗਾ।