Breaking News
Home / ਭਾਰਤ / ‘ਆਪ’ ਨੇ ਪੰਜਾਬ ‘ਚ ਸਿਹਤ ਤੇ ਸਿੱਖਿਆ ਖੇਤਰ ਵਿੱਚ ਵਧੇਰੇ ਕੰਮ ਕੀਤੇ: ਮਾਨ

‘ਆਪ’ ਨੇ ਪੰਜਾਬ ‘ਚ ਸਿਹਤ ਤੇ ਸਿੱਖਿਆ ਖੇਤਰ ਵਿੱਚ ਵਧੇਰੇ ਕੰਮ ਕੀਤੇ: ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਅਤੇ ਪੰਜਾਬ ਵਿੱਚ ‘ਆਪ’ ਵੱਲੋਂ ਕਰਵਾਏ ਗਏ ਕੰਮਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸਿਹਤ ਤੇ ਸਿੱਖਿਆ ਖੇਤਰ ਵਿੱਚ ਵਧੇਰੇ ਕੰਮ ਕੀਤੇ ਹਨ। ਸੂਬੇ ਵਿੱਚ ਖੋਲ੍ਹੇ ਗਏ 700 ਆਮ ਆਦਮੀ ਕਲੀਨਿਕਾਂ ਤੋਂ 90 ਲੱਖ ਤੋਂ ਵੱਧ ਲੋਕ ਮੁਫ਼ਤ ਵਿੱਚ ਇਲਾਜ ਕਰਵਾ ਚੁੱਕੇ ਸਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਰਾਜ ਵਿੱਚ ਪਹਿਲਾਂ ਦਿੱਲੀ ਅਤੇ ਫਿਰ ਪੰਜਾਬ ਵਿੱਚ ਲੱਖਾਂ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਮਾਨ ਨੇ ਕਿਹਾ ਕਿ ‘ਆਪ’ ਨੇ ਚੋਣਾਂ ਵਿੱਚ 300 ਯੂਨਿਟ ਮੁਫ਼ਤ ਬਿਜਲੀ ਦੀ ਗਰੰਟੀ ਦਿੱਤੀ ਸੀ ਅਤੇ ਸਰਕਾਰ ਬਣਦੇ ਹੀ ਪੰਜਾਬ ਵਿੱਚ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਵਿੱਚ ਦਿੱਤੀ ਜਾ ਰਹੀ ਹੈ। ਪੰਜਾਬ ਵਿੱਚ 50 ਲੱਖ ਲੋਕਾਂ ਦੇ ਬਿਜਲੀ ਬਿੱਲ ਮੁਆਫ ਕੀਤੇ ਗਏ।
ਉਨ੍ਹਾਂ ਕਿਹਾ ਕਿ ਜੇ ਪੰਜਾਬ ਤੇ ਦਿੱਲੀ ਦੇ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆਉਂਦੇ ਹਨ ਤਾਂ ਹਰਿਆਣਾ ਦੇ ਲੋਕਾਂ ਦਾ ਕੀ ਕਸੂਰ ਹੈ। ‘ਆਪ’ ਦੇ ਸੱਤਾ ਵਿੱਚ ਆਉਣ ‘ਤੇ ਹਰਿਆਣਵੀਆਂ ਨੂੰ ਵੀ ਇਹ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸੇ ਤਰ੍ਹਾਂ ਪੰਜਾਬ ਸਰਕਾਰ ਨੇ 18 ਮਹੀਨਿਆਂ ਵਿੱਚ 40,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਪ੍ਰਾਈਵੇਟ ਸੈਕਟਰ ਵਿੱਚ ਵੀ ਲੱਖਾਂ ਨੌਕਰੀਆਂ ਪੈਦਾ ਹੋਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਮੋਦੀ ਬਚਪਨ ‘ਚ ਰੇਲ ਗੱਡੀਆਂ ‘ਚ ਚਾਹ ਵੇਚਦੇ ਸਨ ਅਤੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੇ ਰੇਲਵੇ ਹੀ ਵੇਚ ਦਿੱਤਾ।
ਉਨ੍ਹਾਂ ਨੇ ਸਿਰਫ ਆਪਣੇ ਕਾਰਪੋਰੇਟ ਦੋਸਤਾਂ ਲਈ ਕੰਮ ਕੀਤਾ ਹੈ। ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ‘ਹਰਿਆਣਾ ਦਾ ਪੁੱਤ’ ਦੱਸਦਿਆਂ ਕਿਹਾ ਕਿ ਕੇਜਰੀਵਾਲ ਸਿਆਸਤ ਵਿੱਚੋਂ ਭ੍ਰਿਸ਼ਟਾਚਾਰ ਖਤਮ ਕਰਨ ਆਏ ਹਨ। ਉਨ੍ਹਾਂ ਨੇ ਪਹਿਲਾਂ ਦਿੱਲੀ ਵਿੱਚ ਭ੍ਰਿਸ਼ਟਾਚਾਰ ਖਤਮ ਕੀਤਾ, ਜਿਸ ਮਗਰੋਂ ਦਿੱਲੀ ਦੇ ਲੋਕਾਂ ਨੇ ਦੋ ਵਾਰ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ।
ਉਸੇ ਸਦਕਾ ਪੰਜਾਬ ਦੇ ਲੋਕਾਂ ਨੇ ਸਾਲ 2022 ਵਿੱਚ 117 ਵਿੱਚੋਂ 92 ਸੀਟਾਂ ‘ਤੇ ‘ਆਪ’ ਨੂੰ ਸੱਤਾ ਸੌਂਪੀ। ਹੁਣ ਪੰਜਾਬ ‘ਚੋਂ ਵੀ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਤਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ‘ਆਪ’ ਦੀ ਸਰਕਾਰ ਬਣਨ ‘ਤੇ ਹਰਿਆਣਾ ‘ਚੋ ਵੀ ਭ੍ਰਿਸ਼ਟਾਚਾਰ ਖਤਮ ਕਰ ਦਿੱਤਾ ਜਾਵੇਗਾ।

 

Check Also

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਪਈਆਂ ਵੋਟਾਂ

ਹਿਸਾਰ ’ਚ ਕਾਂਗਰਸੀ ਅਤੇ ਭਾਜਪਾ ਵਰਕਰ ਆਪਸ ਵਿਚ ਭਿੜੇ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ …