Breaking News
Home / ਪੰਜਾਬ / ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਅਗਲੀ ਸੁਣਵਾਈ 5 ਫਰਵਰੀ ਨੂੰ

ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਅਗਲੀ ਸੁਣਵਾਈ 5 ਫਰਵਰੀ ਨੂੰ

ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਆਪਣੀ ਹੀ ਸਰਕਾਰ ‘ਤੇ ਸਾਧਿਆ ਨਿਸ਼ਾਨਾ
ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਵਿਖੇ ਸਪੈਸ਼ਲ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਕੋਟਕਪੂਰਾ ਅਤੇ ਬਹਿਬਲ ਗੋਲੀਕਾਂਡ ਮਾਮਲੇ ਦੀ ਸੁਣਵਾਈ ਹੋਈ। ਸੁਣਵਾਈ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸੁਖਮਿੰਦਰ ਸਿੰਘ ਮਾਨ ਅਤੇ ਬਾਕੀ ਮੁਲਜ਼ਮ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਸੁਖਬੀਰ ਬਾਦਲ ਵੱਲੋਂ ਅਦਾਲਤ ਵਿੱਚ ਪੇਸ਼ ਹੋਏ ਸੀਨੀਅਰ ਵਕੀਲ ਆਰਐੱਸ ਚੀਮਾ ਨੇ ਕਿਹਾ ਕਿ ਘਟਨਾ ਵੇਲੇ ਸੁਖਬੀਰ ਬਾਦਲ ਕੋਟਕਪੂਰਾ ਜਾਂ ਬਹਿਬਲ ਵਿੱਚ ਮੌਜੂਦ ਨਹੀਂ ਸਨ ਇਸ ਲਈ ਉਹ ਉਨ੍ਹਾਂ ਨੂੰ ਮਾਮਲੇ ਵਿੱਚੋਂ ਡਿਸਚਾਰਜ ਕਰਨ ਦੀ ਮੰਗ ਕਰਦੇ ਹਨ। ਇਸ ਮਾਮਲੇ ‘ਤੇ ਅਦਾਲਤ ਹੁਣ ਅਗਲੀ ਸੁਣਵਾਈ 5 ਫਰਵਰੀ ਨੂੰ ਕਰੇਗੀ। ਆਪਣੇ ਐਲਾਨ ਮੁਤਾਬਕ ਸਾਬਕਾ ਜਾਂਚ ਅਧਿਕਾਰੀ ਅਤੇ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਵੀ ਇਸ ਮੌਕੇ ਫਰੀਦਕੋਟ ਵਿੱਚ ਮੌਜੂਦ ਸਨ ਪ੍ਰੰਤੂ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਬਾਅਦ ਵਿੱਚ ਉਨ੍ਹਾਂ ਕਿਹਾ ਕਿ ਉਹ ਮਾਮਲੇ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਣਗੇ।
ਉਨ੍ਹਾਂ ਕਿਹਾ ਕਿ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਕੁੱਝ ਗਵਾਹ ਮੁਲਜ਼ਮਾਂ ਨਾਲ ਕਥਿਤ ਤੌਰ ‘ਤੇ ਮਿਲ ਗਏ ਹਨ। ਉਨ੍ਹਾਂ ਆਪਣੀ ਹੀ ਸਰਕਾਰ ‘ਤੇ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਨੂੰ ਅਣਗੌਲਿਆ ਕਰਨ ਦਾ ਆਰੋਪ ਵੀ ਲਾਇਆ। ਅੱਜ ਇਨ੍ਹਾਂ ਮਾਮਲਿਆਂ ਦੀ ਸੁਣਾਈ ਦੌਰਾਨ ਕੁਝ ਸਿੱਖ ਜਥੇਬੰਦੀਆਂ ਦੇ ਆਗੂ ਵੀ ਅਦਾਲਤ ਦੇ ਬਾਹਰ ਮੌਜੂਦ ਸਨ। ਸੂਤਰਾਂ ਅਨੁਸਾਰ ਇਨ੍ਹਾਂ ਆਗੂਆਂ ਨੂੰ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਬੁਲਾਇਆ ਗਿਆ ਸੀ ਅਤੇ ਜਦੋਂ ਉਨ੍ਹਾਂ ਪ੍ਰੈੱਸ ਕਾਨਫਰੰਸ ਕੀਤੀ ਤਾਂ ਇਹ ਆਗੂ ਵੀ ਵਿਧਾਇਕ ਨਾਲ ਮੌਜੂਦ ਸਨ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …