ਕਿਹਾ : ਮੁੱਖ ਮੰਤਰੀ ਮਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਬਚਾਉਣ ’ਚ ਲੱਗੇ
ਅਜਨਾਲਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਵੱਲੋਂ ਸਾਬਕਾ ਉਪ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਯਾਤਰਾ ਦਾ ਅੱਜ ਦੂਜਾ ਦਿਨ ਸੀ। ਪੰਜਾਬ ਬਚਾਓ ਯਾਤਰਾ ਦੌਰਾਨ ਸੁਖਬੀਰ ਬਾਦਲ ਨੇ ਅਜਨਾਲਾ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਕ ਪਾਸੇ ਤਾਂ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਪੰਜਾਬ ਨੂੰ ਬਚਾਉਣ ਲਈ ਯਾਤਰਾ ਕੱਢੀ ਜਾ ਰਹੀ ਹੈ ਕਿ ਜਦਕਿ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਸੁਪਰੀਮ ਅਰਵਿੰਦ ਕੇਜਰੀਵਾਲ ਨੂੰ ਈਡੀ ਤੋਂ ਬਚਾਉਣ ਲਈ ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਪੰਜਵਾਂ ਸੰਮਨ ਭੇਜ ਕੇ ਸ਼ਰਾਬ ਘੁਟਾਲੇ ਮਾਮਲੇ ’ਚ ਪੁੱਛਗਿੱਛ ਕਰਨ ਲਈ ਸੱਦਿਆ ਸੀ ਪ੍ਰੰਤੂ ਅੱਜ ਵੀ ਉਹ ਪ੍ਰਦਰਸ਼ਨ ਦਾ ਬਹਾਨਾ ਲਗਾ ਕੇ ਈਡੀ ਸਾਹਮਣੇ ਪੇਸ਼ ਨਹੀਂ ਹੋਏ ਅਤੇ ਈਡੀ ਤੋਂ ਬਚਾਉਣ ਲਈ ਭਗਵੰਤ ਮਾਨ ਵੱਲੋਂ ਉਨ੍ਹਾਂ ਦਾ ਸਾਥ ਦਿੱਤਾ ਜਾ ਰਿਹਾ ਹੈ। ਇਸ ਮੌਕੇ ਅਕਾਲੀ ਵਰਕਰਾਂ ਦੇ ਅਜਨਾਲਾ ਵਿਖੇ ਹੋਏ ਵੱਡੇ ਇਕੱਠ ਨੂੰ ਦੇਖ ਕੇ ਉਨ੍ਹਾਂ ਕਿਹਾ ਕਿ ਤੁਹਾਡਾ ਠਾਠਾਂ ਮਾਰਦਾ ਹੋਇਆ ਇਹ ਇਕੱਠ ਇਹ ਦੱਸ ਰਿਹਾ ਹੈ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਕਿੰਨੇ ਦੁਖੀ ਹਨ। ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਯਾਤਰਾ ਦਾ ਲੋਕਾਂ ਵੱਲੋਂ ਭਰਪੂਰ ਸਵਾਗਤ ਕੀਤਾ ਜਾ ਰਿਹਾ ਹੈ।