ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ’ਚ ਭਾਜਪਾ ਦੀ ਅਗਵਾਈ ਵਾਲੀ ਨਰਿੰਦਰ ਮੋਦੀ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਦਿੱਲੀ ਦੇ ਰੋਹਿਣੀ ਇਲਾਕੇ ਵਿਚ ਇਕ ਸਕੂਲ ਦਾ ਨੀਂਹ ਪੱਥਰ ਰੱਖਣ ਮੌਕੇ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ। ਕੇਜਰੀਵਾਲ ਨੇ ਕਿਹਾ ਕਿ ਭਾਜਪਾ ਵਿਚ ਚਲੇ ਜਾਓ ਤਾਂ ਸਾਰੇ ਗੁਨਾਹ ਮਾਫ ਹੋ ਜਾਣਗੇ, ਪਰ ਅਸੀਂ ਅਜਿਹਾ ਨਹੀਂ ਕਰਾਂਗੇ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਲੰਘੇ ਸ਼ਨੀਵਾਰ 3 ਫਰਵਰੀ ਨੂੰ ਕ੍ਰਾਈਮ ਬ੍ਰਾਂਚ ਦੀ ਟੀਮ ਕੇਜਰੀਵਾਲ ਦੇ ਘਰ ਪਹੁੰਚੀ ਸੀ। ਇਸ ਤੋਂ ਬਾਅਦ ਅੱਜ ਐਤਵਾਰ ਨੂੰ ਕ੍ਰਾਈਮ ਬ੍ਰਾਂਚ ਨੇ ਮੰਤਰੀ ਆਤਿਸ਼ੀ ਨੂੰ ਵੀ ਨੋਟਿਸ ਭੇਜ ਦਿੱਤਾ ਹੈ। ਉਨ੍ਹਾਂ ਕੋਲੋਂ ਵੀ ਭਲਕੇ 5 ਫਰਵਰੀ ਤੱਕ ਜਵਾਬ ਮੰਗਿਆ ਗਿਆ ਹੈ। ਇਸਦੇ ਚੱਲਦਿਆਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਭਾਜਪਾ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਸਾਡੇ ਖਿਲਾਫ ਜੋ ਮਰਜ਼ੀ ਸਾਜਿਸ਼ ਰਚ ਲਓ, ਕੁਝ ਨਹੀਂ ਹੋਣ ਵਾਲਾ। ਕੇਜਰੀਵਾਲ ਨੇ ਕਿਹਾ ਕਿ ਅਸੀਂ ਇਨ੍ਹਾਂ ਦੇ ਖਿਲਾਫ ਡਟੇ ਰਹਾਂਗੇ ਅਤੇ ਅਸੀਂ ਪਿੱਛੇ ਹਟਣ ਵਾਲੇ ਨਹੀਂ ਹਾਂ। ਇਸਦੇ ਚੱਲਦਿਆਂ ਕੇਜਰੀਵਾਲ ਨੇ ਭਾਜਪਾ ਅਤੇ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕੀਤੀ ਹੈ।