
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਹਿਰਾਸਤੀ ਪੈਰੋਲ ’ਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਹਫਤੇ ਵਿੱਚ ਇੱਕ ਵਾਰ ਆਪਣੀ ਬਿਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮੀਟਿੰਗ ਦੌਰਾਨ ਡਾਕਟਰ ਵੀ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਇਹ ਪ੍ਰਬੰਧ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਅਦਾਲਤ ਨੇ ਸਿਸੋਦੀਆ ਦੀ ਨਿਯਮਤ ਜ਼ਮਾਨਤ ਦੀ ਸੁਣਵਾਈ ਹੁਣ 12 ਫਰਵਰੀ ਨੂੰ ਦੁਪਹਿਰ 2 ਵਜੇ ਤੈਅ ਕੀਤੀ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ 22 ਫਰਵਰੀ ਤੱਕ ਵਧਾ ਦਿੱਤੀ ਸੀ। ਜ਼ਿਕਰਯੋਗ ਹੈ ਕਿ ਮਨੀਸ਼ ਸਿਸੋਦੀਆ ਨੂੰ ਪਿਛਲੇ ਸਾਲ 26 ਫਰਵਰੀ ਨੂੰ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗਿ੍ਰਫਤਾਰ ਕੀਤਾ ਗਿਆ ਹੈ। ਸਿਸੋਦੀਆ ਦੀ ਪਤਨੀ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਹੈ ਅਤੇ ਉਹ ਕਈ ਵਾਰ ਅਦਾਲਤ ਨੂੰ ਅਪੀਲ ਕਰ ਚੁੱਕੇ ਹਨ ਕਿ ਉਨ੍ਹਾਂ ਨੂੰ ਆਪਣੀ ਪਤਨੀ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ। ਹਾਲਾਂਕਿ ਅਦਾਲਤ ਨੇ ਉਨ੍ਹਾਂ ਨੂੰ ਕਈ ਵਾਰ ਆਪਣੀ ਪਤਨੀ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਵੀ ਹੈ। ਹੁਣ ਉਹ ਹਰ ਹਫ਼ਤੇ ਹੀ ਆਪਣੀ ਬਿਮਾਰ ਪਤਨੀ ਨੂੰ ਮਿਲ ਸਕਣਗੇ।