ਪ੍ਰਦਰਸ਼ਨਕਾਰੀਆਂ ’ਤੇ ਚੰਡੀਗੜ੍ਹ ਪੁਲਿਸ ਵੱਲੋਂ ਕੀਤਾ ਗਿਆ ਲਾਠੀਚਾਰਜ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਮੇਅਰ ਦੀ ਚੋਣ ਸਮੇਂ ਹੋਈ ਗੜਬੜੀ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਜਾਰੀ ਹਨ। ਅੱਜ ਬੁੱਧਵਾਰ ਨੂੰ ਚੰਡੀਗੜ੍ਹ ’ਚ ਕਾਂਗਰਸ ਦੀ ਯੂਥ ਵਿੰਗ ਜਥੇਬੰਦੀ ਐੱਨਐੱਸਯੂਆਈ ਵੱਲੋਂ ਭਾਜਪਾ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਜਦੋਂ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਭਾਜਪਾ ਦਫ਼ਤਰ ਵੱਲ ਕੂਚ ਕੀਤਾ ਗਿਆ ਤਾਂ ਚੰਡੀਗੜ੍ਹ ਪੁਲਿਸ ਨੇ ਇਨ੍ਹਾਂ ਨੂੰ ਰੋਕਣ ਲਈ ਬੈਰੀਕੇਡ ਲਗਾ ਦਿੱਤੇ ਅਤੇ ਇਨ੍ਹਾਂ ’ਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ। ਮੀਡੀਆ ਰਿਪੋਰਟਾਂ ਤੋਂ ਇਹ ਵੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਹਲਕਾ ਲਾਠੀਚਾਰਜ ਵੀ ਕੀਤਾ। ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਅਤੇ ਪ੍ਰਦਰਸ਼ਨਕਾਰੀ ਆਹਮੋ-ਸਾਹਮਣੇ ਹੋ ਗਏ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣ ਮਾਮਲੇ ਵਿਚ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੂੰ ਸਖ਼ਤ ਫਟਕਾਰ ਲਗਾਈ ਸੀ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਮੇਅਰ ਦੀ ਚੋਣ ਹਾਈ ਕੋਰਟ ਦੇ ਹੁਕਮਾਂ ’ਤੇ 30 ਜਨਵਰੀ ਨੂੰ ਹੋਈ ਸੀ। ਇਸ ਚੋਣ ਵਿਚ ਭਾਜਪਾ ਉਮੀਦਵਾਰ ਮਨੋਜ ਸੋਨਕਰ ਜਿੱਤੇ ਸਨ। ਭਾਜਪਾ ਉਮੀਦਵਾਰ ਨੂੰ ਕੁੱਲ 16 ਵੋਟਾਂ ਮਿਲੀਆਂ ਸਨ ਜਦਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 12 ਵੋਟਾਂ ਮਿਲੀਆਂ, ਜਦਕਿ ਗਠਜੋੜ ਦੀਆਂ ਕੁੱਲ 20 ਵੋਟਾਂ ਸਨ।