ਕਿਹਾ : ਨਜਾਇਜ਼ ਕਲੋਨੀਆਂ ਕੱਟਣ ਵਾਲਿਆਂ ਖਿਲਾਫ ਲਿਆਂਦਾ ਜਾਵੇਗਾ ਸਖਤ ਕਾਨੂੰਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਹਰ ਤਰ੍ਹਾਂ ਦੀਆਂ ਰਜਿਸਟਰੀ ਤੋਂ ਐਨਓਸੀ ਦੀ ਸ਼ਰਤ ਨੂੰ ਖਤਮ ਕਰਨ ਦਾ ਲੰਘੇ ਕੱਲ੍ਹ ਫੈਸਲਾ ਕੀਤਾ ਸੀ। ਇਸ ਫੈਸਲੇ ਨੂੰ ਜਲਦੀ ਲਾਗੂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਈ ਲੈਵਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਅਤੇ ਕਾਨੂੰਨੀ ਮਾਹਿਰ ਮੌਜੂਦ ਸਨ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਲਿਖਿਆ ਕਿ ਰਜਿਸਟਰੀ ਤੋਂ ਐਨਓਸੀ ਦੀ ਸ਼ਰਤ ਖਤਮ ਕਰਕੇ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਤੋਂ ਬਚਾਉਣ ਸਬੰਧੀ ਚਰਚਾ ਕੀਤੀ ਗਈ। ਉਨ੍ਹਾਂ ਅੱਗੇ ਲਿਖਿਆ ਕਿ ਅਸੀਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦੇਣ ਜਾ ਰਹੇ ਅਤੇ ਇਸ ਮਾਮਲੇ ’ਚ ਆਉਂਦੀਆਂ ਕਾਨੂੰਨੀ ਅੜਚਣਾਂ ਨੂੰ ਦੂਰ ਕਰਨ ਲਈ ਜਲਦੀ ਹੀ ਫੈਸਲਾ ਲਿਆ ਜਾਵੇਗਾ। ਇਸ ਤੋਂ ਇਲਾਵਾ ਨਜਾਇਜ਼ ਕਾਲੋਨੀਆਂ ਬਣਾਉਣ ਵਾਲਿਆਂ ਖਿਲਾਫ਼ ਹੋਰ ਸਖਤੀ ਕੀਤੀ ਜਾਵੇਗੀ ਅਤੇ ਅਗਲੇ ਵਿਧਾਨ ਸਭਾ ਸੈਸ਼ਨ ਦੌਰਾਨ ਨਜਾਇਜ਼ ਕਲੋਨੀਆਂ ਕੱਟਣ ਵਾਲਿਆਂ ਖਿਲਾਫ਼ ਸਖਤ ਕਾਨੂੰਨ ਲਿਆਂਦਾ ਜਾਵੇਗਾ।