ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਭਾਸ਼ਣ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਚਰਚਾ ਵਿਚ ਹਿੱਸਾ ਲੈਣ ਵਾਲੇ ਸਾਰੇ ਸਾਥੀਆਂ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ 90 ਮਿੰਟ ਦੇ ਭਾਸ਼ਣ ਦੌਰਾਨ ਕਾਂਗਰਸ ਪਾਰਟੀ ’ਤੇ ਜੰਮ ਕੇ ਸਿਆਸੀ ਨਿਸ਼ਾਨੇ ਸਾਧਦਿਆਂ ਕਿਹਾ ਕਿ ਅੱਜ ਕਾਂਗਰਸ ਪਾਰਟੀ ਆਪਣੀ ਸੋਚ ਤੋਂ ਵੀ ਪੁਰਾਣੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਦੇਸ਼ ਨੂੰ ਹਿੰਸਾ ਵੱਲ ਧੱਕਿਆ ਹੈ ਅਤੇ ਕਾਂਗਰਸ ਅੱਜ ਤੱਕ ਡਾਵਾਂਡੋਲ ਹੀ ਰਹੀ ਹੈ। ਪੀਐਮ ਨੇ ਕਿਹਾ ਕਿ ਅਸੀਂ ਆਪਣੀ ਸਰਕਾਰ ਦੌਰਾਨ ਹਰ ਚੀਜ਼ ਬਦਲੀ ਹੈ ਅਤੇ ਕਾਂਗਰਸ ਨੇ ਸਿਰਫ਼ ਆਪਣੇ ਪਰਿਵਾਰ ਨੂੰ ਹੀ ਭਾਰਤ ਰਤਨ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਪਾਰਟੀ ਨੂੰ ਦਲਿਤ ਵਿਰੋਧੀ ਦੱਸਿਆ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਵੀ ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਪਾਰਟੀ ਦੀ ਕਰੜੀ ਆਲੋਚਨਾ ਕੀਤੀ ਸੀ ਅਤੇ ਕਿਹਾ ਸੀ ਕਿ ਇਕ ਹੀ ਪ੍ਰੋਡਕਟ ਨੂੰ ਕਈ ਵਾਰ ਲਾਂਚ ਕਰਨ ਦੇ ਚੱਕਰ ਵਿਚ ਕਾਂਗਰਸ ਦੀ ਦੁਕਾਨ ਨੂੰ ਤਾਲਾ ਲੱਗਣ ਦੀ ਨੌਬਤ ਆ ਗਈ ਹੈ। ਉਨ੍ਹਾਂ ਕਿਹਾ ਸੀ ਕਿ ਕਾਂਗਰਸ ਨੂੰ ਪਰਿਵਾਰਵਾਦ ਦਾ ਖਾਮਿਆਜ਼ਾ ਭੁਗਤਣਾ ਪੈ ਰਿਹਾ ਹੈ।