ਧਾਮੀ ਨੇ ਕਿਹਾ : ਮਹਾਰਾਸ਼ਟਰ ਦੇ ਮੁੱਖ ਮੰਤਰੀ ਸਿੱਖ ਗੁਰਧਾਮਾਂ ’ਚ ਸਰਕਾਰੀ ਪ੍ਰਭਾਵ ਵਧਾਉਣ ਦੀਆਂ ਸਾਜਿਸ਼ਾਂ ਕਰਨ ਬੰਦ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਸਰਕਾਰ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਸੀਮਤ ਕਰਨ ਦੀ ਤਜ਼ਵੀਜ਼ ਦੀ ਨਿੰਦਾ ਕੀਤੀ ਹੈ। ਐਸਜੀਪੀਸੀ ਦੇ ਪ੍ਰਧਾਨ ਧਾਮੀ ਨੇ ਇਸ ਨੂੰ ਸਿੱਖ ਧਾਰਮਿਕ ਮਾਮਲਿਆਂ ਵਿਚ ਮਹਾਰਾਸ਼ਟਰ ਸਰਕਾਰ ਦਾ ਸਿੱਧਾ ਦਖ਼ਲ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਇਸ ਫੈਸਲੇ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਮਹਾਰਾਸ਼ਟਰ ਸਰਕਾਰ ਦਾ ਗੁਰਦੁਆਰਾ ਬੋਰਡ ਵਿਚ ਸਰਕਾਰੀ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਅਤੇ ਸਿੱਖ ਸੰਸਥਾਵਾਂ ਦੇ ਮੈਂਬਰਾਂ ਨੂੰ ਘਟਾਉਣ ਦਾ ਫ਼ੈਸਲਾ ਸਿੱਖ ਗੁਰਦੁਆਰਿਆਂ ’ਤੇ ਸਿੱਧਾ ਕੰਟਰੋਲ ਕਰਨ ਦੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਬੋਰਡ ਐਕਟ, 1956 ਵਿਚ ਅਜਿਹੀ ਸੋਧ ਦਾ ਮਤਾ ਤਿਆਰ ਕਰਨ ਤੋਂ ਪਹਿਲਾਂ ਸਿੱਖਾਂ ਨਾਲ ਕੋਈ ਅਗਾਊਂ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ। ਉਨ੍ਹਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਅਪੀਲ ਕੀਤੀ ਕਿ ਉਹ ਸਿੱਖ ਗੁਰਧਾਮਾਂ ਦੇ ਪ੍ਰਬੰਧਨ ਵਿਚ ਸਰਕਾਰੀ ਪ੍ਰਭਾਵ ਵਧਾਉਣ ਦੀਆਂ ਸਾਜ਼ਿਸ਼ਾਂ ਨੂੰ ਤੁਰੰਤ ਬੰਦ ਕਰਨ।