ਬਜਟ ਸੈਸ਼ਨ ਦੌਰਾਨ ਕੇਂਦਰ ਸਰਕਾਰ ‘ਤੇ ਚੁੱਕੇ ਸਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬਜਟ ਸੈਸ਼ਨ ਦੌਰਾਨ ਸੰਸਦ ਵਿੱਚ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, ਰੁਜ਼ਗਾਰ ਵਿੱਚ ਵਾਧਾ ਕਰਨ, ਮਹਿੰਗਾਈ ਨੂੰ ਠੱਲ੍ਹਣ ਅਤੇ ਗਰੀਬਾਂ ਤੇ ਦੱਬੇ ਕੁਚਲੇ ਲੋਕਾਂ ਦੀ ਹਾਲਤ ਸੁਧਾਰਨ ਵਿੱਚ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਰਾਸ਼ਟਰਪਤੀ ਨੇ ਆਪਣੇ ਸੰਬੋਧਨ ਵਿੱਚ ਜ਼ੋਰ ਦਿੱਤਾ ਹੈ ਕਿ ਕਿਸਾਨਾਂ, ਗਰੀਬਾਂ ਤੇ ਨੌਜਵਾਨਾਂ ਦੀ ਦਸ਼ਾ ਸੁਧਾਰਨ ‘ਤੇ ਕੇਂਦਰ ਸਰਕਾਰ ਦਾ ਧਿਆਨ ਕੇਂਦਰਿਤ ਹੈ ਪਰ ਅੰਕੜੇ ਇਸ ਦਾਅਵੇ ਦੀ ਪੁਸ਼ਟੀ ਨਹੀਂ ਕਰਦੇ।
ਉਨ੍ਹਾਂ ਕਿਹਾ ਕਿ ਕੌਮੀ ਅੰਕੜਾ ਦਫ਼ਤਰ ਮੁਤਾਬਕ ਖੇਤੀਬਾੜੀ ਆਮਦਨ 2015 ਵਿੱਚ 8 ਹਜ਼ਾਰ ਰੁਪਏ ਪ੍ਰਤੀ ਮਹੀਨਾ ਸੀ ਜੋ 2019 ਵਿੱਚ ਵਧ ਕੇ 10 ਹਜ਼ਾਰ ਰੁਪਏ ਹੋਈ ਜਦਕਿ ਇਸ ਦੌਰਾਨ ਕਿਸਾਨਾਂ ਸਿਰ ਚੜ੍ਹੇ ਕਰਜ਼ੇ ‘ਚ 58 ਫੀਸਦ ਵਾਧਾ ਹੋਇਆ। 2021 ਵਿੱਚ 10,880 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਤੇ ਇਸ ਵੇਲੇ ਪੰਜਾਬ ਵਿੱਚ ਛੋਟੇ ਕਿਸਾਨਾਂ ਸਿਰ ਔਸਤਨ 3-3 ਲੱਖ ਰੁਪਏ ਦਾ ਕਰਜ਼ਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਭਰੋਸਾ ਦਿਵਾਇਆ ਸੀ ਕਿ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਕਿਸਾਨਾਂ ਲਈ ਕਾਨੂੰਨੀ ਅਧਿਕਾਰ ਵਿੱਚ ਬਦਲਣ ਲਈ ਸਬ-ਕਮੇਟੀ ਬਣਾਈ ਜਾਵੇਗੀ ਪਰ ਅਜਿਹਾ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੌਰਾਨ ਖੇਤੀਬਾੜੀ ਲਾਗਤਾਂ ਵਿੱਚ 80 ਫੀਸਦ ਦਾ ਵਾਧਾ ਦਰਜ ਹੋਇਆ ਹੈ ਜਦਕਿ ਐੱਮਐੱਸਪੀ ਵਿੱਚ ਸਿਰਫ 30 ਫੀਸਦ ਵਾਧਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਕਿਸਾਨ ਸੰਮਾਨ ਨਿਧੀ ਦੇ ਲਾਭਪਾਤਰੀਆਂ ਦੀ ਗਿਣਤੀ ਵੀ ਪੰਜਾਬ ਵਿੱਚ 26 ਫੀਸਦ ਘਟਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਫ਼ਸਲ ਬੀਮਾ ਕੰਪਨੀਆਂ ਨੇ 57 ਹਜ਼ਾਰ ਕਰੋੜ ਰੁਪਏ ਕਮਾਏ ਹਨ, ਪਰ ਪੰਜਾਬ ਦੇ ਕਿਸਾਨਾਂ ਨੂੰ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਨਹੀਂ ਮਿਲੇ। ਸੰਸਦ ਮੈਂਬਰ ਨੇ ਕਿਹਾ ਕਿ ਬੇਰੁਜ਼ਗਾਰੀ ਦਰ 23 ਫੀਸਦ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …