Breaking News
Home / ਪੰਜਾਬ / ਕਿਸਾਨ ਪ੍ਰਦਰਸ਼ਨ ਕਾਰਨ ਦਿੱਲੀ ‘ਚ ਸੁਰੱਖਿਆ ਪ੍ਰਬੰਧ ਮਜ਼ਬੂਤ

ਕਿਸਾਨ ਪ੍ਰਦਰਸ਼ਨ ਕਾਰਨ ਦਿੱਲੀ ‘ਚ ਸੁਰੱਖਿਆ ਪ੍ਰਬੰਧ ਮਜ਼ਬੂਤ

ਸਰਹੱਦਾਂ ‘ਤੇ ਬੈਰੀਕੇਡ ਤੇ ਨੀਮ ਫ਼ੌਜੀ ਦਸਤੇ ਲਗਾਏ, ਟ੍ਰੈਫਿਕ ਜਾਮ
ਨਵੀਂ ਦਿੱਲੀ/ਬਿਊਰੋ ਨਿਊਜ਼ : 13 ਫਰਵਰੀ ਨੂੰ ਕਿਸਾਨਾਂ ਦੇ ਵਿਆਪਕ ਪ੍ਰਦਰਸ਼ਨ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਖਾਸ ਕਰਕੇ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਲਈ ਟ੍ਰੈਫਿਕ ਵਿਵਸਥਾ ਵਿਚ ਕੁਝ ਬਦਲਾਅ ਵੀ ਕੀਤੇ ਗਏ ਹਨ ਅਤੇ ਲੋਕਾਂ ਨੂੰ ਕੁਝ ਖਾਸ ਰੂਟਾਂ ‘ਤੇ ਸਫਰ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਇਸ ਕਰਨ ਕਈ ਥਾਵਾਂ ‘ਤੇ ਵੱਡੇ ਜਾਮ ਲੱਗ ਗਏ ਹਨ। ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਨੀਮ ਫੌਜੀ ਬਲਾਂ ਦੇ ਨਾਲ ਭਾਰੀ ਸੁਰੱਖਿਆ ਬਲਾਂ ਨੂੰ ਪਹਿਲਾਂ ਹੀ ਤਾਇਨਾਤ ਕੀਤਾ ਗਿਆ ਹੈ। ਦਿੱਲੀ-ਹਰਿਆਣਾ ਅਤੇ ਦਿੱਲੀ-ਉੱਤਰ ਪ੍ਰਦੇਸ਼ ਨੂੰ ਜੋੜਨ ਵਾਲੇ ਸਰਹੱਦੀ ਖੇਤਰਾਂ ‘ਤੇ ਬੈਰੀਕੇਡ ਲਗਾਏ ਗਏ ਹਨ।
ਚੰਡੀਗੜ੍ਹ ‘ਚ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਵੀ ਮੀਟਿੰਗ ‘ਚ ਰਹੇ ਹਾਜ਼ਰ
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਦੇ ਦਿੱਲੀ ਕੂਚ ਤੋਂ ਪਹਿਲਾਂ ਪੰਜਾਬ ਅਤੇ ਕੇਂਦਰ ਸਰਕਾਰ ਹਰਕਤ ਵਿਚ ਆ ਗਈ ਹੈ। ਕਿਸਾਨਾਂ ਨੂੰ ਨਵਾਂ ਅੰਦੋਲਨ ਕਰਨ ਤੋਂ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਦੀ ਚੰਡੀਗੜ੍ਹ ਵਿਚ ਮੀਟਿੰਗ ਕਰਵਾਈ ਹੈ। ਇਸ ਮੀਟਿੰਗ ਵਿਚ ਕੇਂਦਰੀ ਮੰਤਰੀ ਪਿਯੂਸ਼ ਗੋਇਲ, ਅਰਜੁਨ ਮੁੰਡਾ ਅਤੇ ਨਿੱਤਿਆਨੰਦ ਰਾਏ ਸ਼ਾਮਲ ਹੋਏ। ਇਸ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਰਹੇ। ਸੰਯੁਕਤ ਕਿਸਾਨ ਮੋਰਚਾ ਵਲੋਂ ਮੀਟਿੰਗ ਵਿਚ ਜਗਜੀਤ ਸਿੰਘ ਡੱਲੇਵਾਲ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ, ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਜਰਨੈਲ ਸਿੰਘ, ਦਿਲਬਾਗ ਹਰੀਗੜ੍ਹ, ਤੇਜਬੀਰ ਸਿੰਘ, ਰਮਨਦੀਪ ਸਿੰਘ ਅਤੇ ਗੁਰਮੀਤ ਸਿੰਘ ਮੌਜੂਦ ਰਹੇ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਮੀਟਿੰਗ ਦੀ ਗੱਲ ਫੋਰਮ ਵਿਚ ਲੈ ਕੇ ਜਾਵਾਂਗੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਵਲੋਂ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਸੰਗਠਨਾਂ ਦੀਆਂ 13 ਮੰਗਾਂ ਹਨ। ਇਨ੍ਹਾਂ ਮੰਗਾਂ ਦੇ ਪੂਰਾ ਨਾ ਹੋਣ ਤੋਂ ਕਿਸਾਨ ਸੰਗਠਨਾਂ ਵਿਚ ਗੁੱਸਾ ਹੈ। ਇਸਦੇ ਚੱਲਦਿਆਂ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਬੈਰੀਕੇਡਿੰਗ ਕਰ ਦਿੱਤੀ ਗਈ ਹੈ।

Check Also

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ

ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …