ਚੰਡੀਗੜ੍ਹ/ਬਿਊਰੋ ਨਿਊਜ਼
ਇਕ ਪਾਸੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਵਲੋਂ ਆਪਣੀਆਂ ਸਰਹੱਦਾਂ ਸੀਲ ਕੀਤੀਆਂ ਜਾ ਰਹੀਆਂ ਹਨ। ਉਧਰ ਪੰਜਾਬ ਸਰਕਾਰ ਵੀ ਇਸ ਕਿਸਾਨ ਅੰਦੋਲਨ ਨੂੰ ਟਾਲਣ ਵਿਚ ਜੁਟ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਖੁਦ ਇਸ ਮਾਮਲੇ ਦੀ ਕਮਾਨ ਸੰਭਾਲ ਰਹੇ ਹਨ। ਇਸਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਨਾਲ ਸੰਪਰਕ ਸਾਧਿਆ ਜਾ ਰਿਹਾ ਹੈ। ਸੀਐਮ ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਹੈ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਨਾਲ ਜੁੜੀ ਕੋਈ ਵੀ ਜਾਣਕਾਰੀ ਮੰਗੀ ਜਾਂਦੀ ਹੈ ਤਾਂ ਉਸ ਨੂੰ ਪਹਿਲ ਦੇ ਅਧਾਰ ’ਤੇ ਮੁਹੱਈਆ ਕਰਵਾਇਆ ਜਾਏ। ਕਿਹਾ ਗਿਆ ਹੈ ਕਿ ਇਸ ਕੰਮ ਵਿਚ ਦੇਰੀ ਨਹੀਂ ਹੋਣੀ ਚਾਹੀਦੀ। ਵਿਭਾਗਾਂ ਨੂੰ ਵੀ ਆਪਣਾ ਰਿਕਾਰਡ ਤਿਆਰ ਰੱਖਣ ਲਈ ਕਿਹਾ ਗਿਆ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਮਸਲੇ ਧਰਨਿਆਂ ਨਾਲ ਨਹੀਂ, ਮੀਟਿੰਗਾਂ ਰਾਹੀਂ ਹੱਲ ਕਰਵਾਏ ਜਾਣਗੇ। ਧਿਆਨ ਰਹੇ ਕਿ ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ 13 ਫਰਵਰੀ ਨੂੰ ‘ਦਿੱਲੀ ਚੱਲੋ’ ਅੰਦੋਲਨ ਦੀ ਸ਼ੁਰੂਆਤ ਕੀਤੀ ਜਾਣੀ ਹੈ ਅਤੇ ਪੰਜਾਬ ਸਰਕਾਰ ਇਸ ਅੰਦੋਲਨ ਨੂੰ ਟਾਲਣ ਦੀ ਪੂਰੀ ਕੋਸ਼ਿਸ਼ ਵਿਚ ਲੱਗੀ ਹੋਈ ਹੈ। ਇਸ ਅੰਦੋਲਨ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨ ਆਗੂਆਂ ਨਾਲ ਮੀਟਿੰਗ ਹੋਈ ਸੀ ਅਤੇ ਇਸ ਮੀਟਿੰਗ ਵਿਚ ਕੇਂਦਰੀ ਮੰਤਰੀ ਵੀ ਸ਼ਾਮਲ ਹੋਏ ਸਨ।