ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਮੁੜ ਤੋਂ ਗਠਜੋੜ ਹੋਣਾ ਤੈਅ ਹੋ ਗਿਆ ਹੈ। ਇਸ ਸਬੰਧੀ ਚਰਚਾ ਸਿਖ਼ਰਾਂ ’ਤੇ ਹੈ ਅਤੇ ਆਉਂਦੇ ਦਿਨਾਂ ਵਿਚ ਪੰਜਾਬ ਦੀ ਰਾਜਨੀਤੀ ਵਿਚ ਇਸ ਦਿਸ਼ਾ ਵਿਚ ਤਬਦੀਲੀ ਵੇਖਣ ਨੂੰ ਮਿਲ ਸਕਦੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ ਅਤੇ ਭਾਜਪਾ ਦੋਵੇਂ ਪਾਰਟੀਆਂ ਦੀ ਲੀਡਰਸ਼ਿਪ ਇਕ ਦੂਜੇ ਦੇ ਸੰਪਰਕ ਵਿਚ ਹੈ ਅਤੇ ਗਠਜੋੜ ਨੂੰ ਲੈ ਕੇ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਇਹ ਵੀ ਪਤਾ ਲੱਗਾ ਹੈ ਕਿ ਇਸ ਗਠਜੋੜ ਲਈ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੇ ਸਿਧਾਂਤਕ ਸਹਿਮਤੀ ਦੇ ਦਿੱਤੀ ਹੈ ਅਤੇ ਦੋਵਾਂ ਪਾਰਟੀਆਂ ਵਿਚਾਲੇ ਲੋਕ ਸਭਾ ਚੋਣਾਂ ਨੂੰ ਲੈ ਕੇ ਸੂਬੇ ਦੀਆਂ 13 ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਚਲ ਰਹੀ ਹੈ। ਦੱਸਣਯੋਗ ਹੈ ਕਿ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਐਨ ਡੀ ਏ ਵਿਚ ਵਾਪਸੀ ਤੋਂ ਬਾਅਦ ਉਹਨਾਂ ਦੀ ਪਾਰਟੀ ਦੇ ਸੀਨੀਅਰ ਆਗੂ ਕੇ ਸੀ ਤਿਆਗੀ ਨੇ ਵੀ ਇਹ ਬਿਆਨ ਦਿੱਤਾ ਸੀ ਕਿ ਪੰਜਾਬ ਵਿਚ ਭਾਜਪਾ ਦਾ ਅਕਾਲੀ ਦਲ ਨਾਲ ਗਠਜੋੜ ਹੋਣ ਦੀ ਵੱਡੀ ਸੰਭਾਵਨਾ ਹੈ।