ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਤਿੰਨ ਸ਼ਖਸੀਅਤਾਂ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ ਮੰਤਰੀ ਪੀਵੀ ਨਰਸਿਮ੍ਹਾ ਰਾਓ ਅਤੇ ਖੇਤੀ ਵਿਗਿਆਨੀ ਡਾ. ਐਮ.ਐਸ. ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦੇ ਫੈਸਲੇ ’ਤੇ ਖੁਸ਼ੀ ਅਤੇ ਤਸੱਲੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਕਿਸਾਨਾਂ ਦੇ ਮਸੀਹਾ ਚੌਧਰੀ ਚਰਨ ਸਿੰਘ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਨਿਵਾਜਿਆ ਗਿਆ ਹੈ। ਚੌਧਰੀ ਚਰਨ ਸਿੰਘ ਦਾ ਜੀਵਨ ਕਿਸਾਨਾਂ ਦੇ ਹੱਕਾਂ ਅਤੇ ਭਲਾਈ ਲਈ ਨਿਰਸਵਾਰਥ ਸੇਵਾ ਦਾ ਪ੍ਰਤੀਕ ਹੈ। ਕਿਸਾਨ ਭਲਾਈ ਦੇ ਆਦਰਸ਼ਾਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਸਾਡਾ ਮਾਰਗ ਦਰਸ਼ਕ ਬਣੀ ਹੋਈ ਹੈ। ਸਾਬਕਾ ਪ੍ਰਧਾਨ ਮੰਤਰੀ ਪੀ.ਵੀ. ਨਰਸਿਮਹਾ ਰਾਓ ਲਈ ਭਾਰਤ ਰਤਨ ਉਨ੍ਹਾਂ ਦੀ ਦੂਰਅੰਦੇਸ਼ੀ ਲੀਡਰਸ਼ਿਪ ਅਤੇ ਭਾਰਤ ਦੀ ਆਰਥਿਕ ਤਰੱਕੀ ’ਚ ਸਮਝਦਾਰ ਯੋਗਦਾਨ ਲਈ ਮਾਨਤਾ ਹੈ। ਭਾਰਤ ਨੂੰ ਖੇਤੀ ਉਤਪਾਦਨ ’ਚ ਆਤਮ-ਨਿਰਭਰ ਬਣਾਉਣ ’ਚ ਡਾ.ਐੱਮ.ਐੱਸ. ਸਵਾਮੀਨਾਥਨ ਦਾ ਮਹੱਤਵਪੂਰਨ ਯੋਗਦਾਨ ਇਤਿਹਾਸ ’ਚ ਦਰਜ ਹੈ। ਜਾਖੜ ਨੇ ਕਿਹਾ ਕਿ ਮੈਂ ਇਨ੍ਹਾਂ ਮਹੱਤਵਪੂਰਨ ਫੈਸਲਿਆਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਾ ਹਾਂ।