ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ’ਚ ਪ੍ਰਗਟਾਇਆ ਵਿਸ਼ਵਾਸ
ਝਾਬੂਆ (ਮੱਧ ਪ੍ਰਦੇਸ਼)/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਝਾਬੂਆ ’ਚ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਭਾਰਤੀ ਜਨਤਾ ਪਾਰਟੀ ਅਗਾਮੀ ਲੋਕ ਸਭਾ ਚੋਣਾਂ ਵਿੱਚ 370 ਸੀਟਾਂ ਦਾ ਅੰਕੜਾ ਪਾਰ ਜਾਵੇਗੀ। ਮੋਦੀ ਨੇ ਕਿਹਾ ਕਿ ਇਹ ਸਿਰਫ਼ ਮੈਂ ਹੀ ਨਹੀਂ ਬਲਕਿ ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਵੀ ਕਹਿ ਰਹੇ ਹਨ ਕਿ ਸੱਤਾਧਾਰੀ ਐੱਨਡੀਏ ਨੂੰ 400 ਤੋਂ ਵੱਧ ਸੀਟਾਂ ਮਿਲਣਗੀਆਂ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਮੱਧ ਪ੍ਰਦੇਸ਼ ਵਿੱਚ 7,550 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖੇ। ਇਸੇ ਦੌਰਾਨ ਮੱਧ ਪ੍ਰਦੇਸ਼ ਦੇ ਝਾਬੂਆ ਜ਼ਿਲ੍ਹੇ ਵਿੱਚ ਆਦਿਵਾਸੀ ਸਮਾਜ ਦੀ ਇੱਕ ਰੈਲੀ ਨੂੰ ਸੰਬੋਧਨ ਵੀ ਕੀਤਾ। ਪ੍ਰਧਾਨ ਮੰਤਰੀ ਨੇ ਰੈਲੀ ਦੌਰਾਨ ਵੋਟਰਾਂ ਨੂੰ ਅਗਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਲੋਕ ਸਭਾ ਦੀਆਂ 543 ਵਿੱਚੋਂ 370 ਸੀਟਾਂ ਜਿਤਾਉਣ ਲਈ ਪਿਛਲੀਆਂ ਤਿੰਨ ਚੋਣਾਂ ਵਿੱਚ ਹਰੇਕ ਬੂਥ ’ਤੇ ਪਾਰਟੀ ਨੂੰ ਮਿਲੀਆਂ ਸਭ ਤੋਂ ਵੱਧ ਵੋਟਾਂ ਦੇ ਮੁਕਾਬਲੇ 370 ਵੱਧ ਵੋਟਾਂ ਯਕੀਨੀ ਬਣਾਉਣ ਲਈ ਆਖਿਆ।