ਦੋਵੇਂ ਮੁੱਖ ਮੰਤਰੀਆਂ ਦੇ ਪਰਿਵਾਰਕ ਮੈਂਬਰ ਵੀ ਨਾਲ ਰਹਿਣਗੇ ਮੌਜੂਦ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਰਾਮ ਮੰਦਰ ਦੇ ਦਰਸ਼ਨਾਂ ਲਈ ਅਯੁੱਧਿਆ ਜਾਣਗੇ। ਮੀਡੀਆ ਰਿਪੋਰਟਾਂ ਅਤੇ ਆਮ ਆਦਮੀ ਪਾਰਟੀ ਦੇ ਭਰੋਸੇ ਸੂਤਰਾਂ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਧਿਆਨ ਰਹੇ ਕਿ ਲੰਘੀ 22 ਜਨਵਰੀ ਨੂੰ ਸ੍ਰੀ ਰਾਮ ਮੰਦਿਰ ਦੀ ਹੋਈ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਸ਼ਾਮਲ ਹੋਣ ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸੱਦਾ ਦਿੱਤਾ ਗਿਆ ਸੀ ਪ੍ਰੰਤੂ ਉਹ ਪ੍ਰੋਗਰਾਮ ਵਿਚ ਸ਼ਾਮਲ ਨਹੀਂ ਹੋਏ ਸਨ। ਹਾਲਾਂਕਿ ਉਨ੍ਹਾਂ ਨੇ ਕਿਹਾ ਸੀ ਕਿ ਉਹ ਬਾਅਦ ਵਿੱਚ ਆਪਣੇ ਮਾਤਾ-ਪਿਤਾ, ਪਤਨੀ ਅਤੇ ਬੱਚਿਆਂ ਨਾਲ ਸ੍ਰੀ ਰਾਮ ਲੱਲਾ ਜੀ ਦੇ ਦਰਸ਼ਨਾਂ ਲਈ ਅਯੁੱਧਿਆ ਜਾਣਗੇ। ਭਰੋਸੇ ਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਅਯੁੱਧਿਆ ਸ੍ਰੀ ਰਾਮ ਲੱਲਾ ਜੀ ਦਰਸ਼ਨਾਂ ਲਈ ਜਾਣਗੇ।