ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਭਲਕੇ 13 ਫਰਵਰੀ ਨੂੰ ਕਰਨਗੇ ‘ਦਿੱਲੀ ਕੂਚ’
ਚੰਡੀਗੜ੍ਹ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਤੇ ਕਿਸਾਨ-ਮਜ਼ਦੂਰ ਮੋਰਚਾ ਵੱਲੋਂ ਕੇਂਦਰ ਸਰਕਾਰ ਨਾਲ ਜੁੜੀਆਂ ਕਿਸਾਨੀ ਮੰਗਾਂ ਤੇ ਹੋਰਨਾਂ ਮਸਲਿਆਂ ਦੇ ਹੱਲ ਲਈ ਭਲਕੇ 13 ਫਰਵਰੀ ਨੂੰ ‘ਦਿੱਲੀ ਚੱਲੋ’ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸਦੇ ਚੱਲਦਿਆਂ ਵੱਡੀ ਗਿਣਤੀ ਕਿਸਾਨਾਂ ਨੇ ‘ਦਿੱਲੀ ਕੂਚ’ ਲਈ ਚਾਲੇ ਵੀ ਪਾ ਦਿੱਤੇ ਹਨ। ਉਧਰ ਦੂਜੇ ਪਾਸੇ ਹਰਿਆਣਾ ਪੁਲਿਸ ਨੇ ਪੰਜਾਬ ਨਾਲ ਲੱਗਦੀਆਂ ਸਾਰੀਆਂ ਹੱਦਾਂ ਸੀਲ ਕਰ ਦਿੱਤੀਆਂ ਹਨ। ਕੌਮੀ ਰਾਜਧਾਨੀ ਵਿੱਚ ਕਿਸਾਨਾਂ ਦੇ ‘ਦਿੱਲੀ ਕੂਚ’ ਦੇ ਮੱਦੇਨਜ਼ਰ ਸਿੰਘੂ, ਗਾਜ਼ੀਪੁਰ ਅਤੇ ਟਿੱਕਰੀ ਬਾਰਡਰ ’ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਅਤੇ ਆਵਾਜਾਈ ’ਤੇ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਵਾਹਨਾਂ ਨੂੰ ਸ਼ਹਿਰ ਵਿਚ ਦਾਖਲ ਹੋਣ ਤੋਂ ਰੋਕਣ ਲਈ ਦਿੱਲੀ ਦੀਆਂ ਸਰਹੱਦਾਂ ਨੂੰ ਸੀਮਿੰਟ ਦੇ ਬੈਰੀਅਰਾਂ ਅਤੇ ਸੜਕਾਂ ’ਤੇ ਕਿੱਲਾਂ ਗੱਡ ਕੇ ਮਜ਼ਬੂਤ ਕੀਤਾ ਗਿਆ ਹੈ। ਇਸ ਕਾਰਨ ਦਿੱਲੀ ਦੇ ਸਰਹੱਦੀ ਖੇਤਰਾਂ ਵਿੱਚ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਦੀਆਂ ਜ਼ਿਆਦਾਤਰ ਕਿਸਾਨ ਯੂਨੀਅਨਾਂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਲਈ ਕਾਨੂੰਨ ਬਣਾਉਣ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਦਬਾਅ ਬਣਾਉਣ ਲਈ 13 ਫਰਵਰੀ ਨੂੰ ਦਿੱਲੀ ਕੂਚ ਕਰਨ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਅਗਲੇ 30 ਦਿਨਾਂ ਲਈ ਪੂਰੇ ਦਿੱਲੀ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਹ ਹੁਕਮ ਦਿੱਲੀ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਨੇ ਜਾਰੀ ਕੀਤੇ ਹਨ। ਪੁਲਿਸ ਨੇ ਕਿਹਾ ਕਿ ਜੋ ਵੀ ਵਿਅਕਤੀ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਉਸ ਨੂੰ ਤੁਰੰਤ ਗਿ੍ਰਫਤਾਰ ਕੀਤਾ ਜਾਵੇਗਾ।