ਕੇਂਦਰ ਸਰਕਾਰ ਨੇ ਪੁਰੋਹਿਤ ਦਾ ਅਸਤੀਫ਼ਾ ਨਹੀਂ ਕੀਤਾ ਮਨਜ਼ੂਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਸਤੀਫ਼ਾ ਨਾ ਮਨਜ਼ੂਰ ਹੋਣ ਤੋਂ ਬਾਅਦ ਮੁੜ ਸਰਗਰਮ ਹੋ ਗਏ ਹਨ। ਰਾਜਪਾਲ ਨੇ ਲੰਘੇ ਦਿਨੀਂ ਚੰਡੀਗੜ੍ਹ ’ਚ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਜਦਕਿ ਕਈ ਮਾਮਲਿਆਂ ’ਚ ਖਾਮੀਆਂ ਬਦਲੇ ਉਨ੍ਹਾਂ ਅਧਿਕਾਰੀਆਂ ਕੋਲੋਂ ਜਵਾਬ ਤਲਬੀ ਵੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ ਕਰਨ ਸਬੰਧੀ ਇਕ ਸੂਚੀ ਵੀ ਜਾਰੀ ਕੀਤੀ ਗਈ ਹੈ। ਜਿਸ ’ਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਕਾਰਜਕਾਲ ਦਾ ਛੇਵਾਂ ਦੌਰਾ 20 ਫਰਵਰੀ ਤੋਂ 23 ਫਰਵਰੀ ਤੱਕ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੁੜ ਤੋਂ ਤੇਜ਼ ਕੀਤੀਆਂ ਗਈਆਂ ਸਰਗਰਮੀਆਂ ਤੋਂ ਲਗਦਾ ਹੈ ਕਿ ਬਨਵਾਰੀ ਲਾਲ ਪੁਰੋਹਿਤ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਣੇ ਰਹਿਣਗੇ। ਕਿਉਂਕਿ ਕੇਂਦਰ ਸਰਕਾਰ ਨੇ ਉਨ੍ਹਾਂ ਦਾ ਅਸਤੀਫ਼ਾ ਹਾਲੇ ਤੱਕ ਮਨਜ਼ੂਰ ਨਹੀਂ ਕੀਤਾ। ਧਿਆਨ ਰਹੇ ਕਿ ਲੰਘੇ ਦਿਨੀਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।